ਚੰਡੀਗੜ੍ਹ, 11 ਮਈ
ਸੁਪਰੀਮ ਕੋਰਟ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤ੍ਰਿਮ ਜ਼ਮਾਨਤ ਮਿਲਣ ‘ਤੇ ‘ਆਪ’ ਆਗੂਆਂ ਨੇ ਢੋਲ ਦੀ ਥਾਪ ਤੇ ਭੰਗੜਾ ਪਾਇਆ। ਇਸ ਮੌਕੇ ਆਪ ਆਗੂਆਂ ਨੇ ਸੁਪਰੀਮ ਕੌਰਟ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਤੇ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ। ਤੁਹਾਨੂੰ ਦੱਸ ਦਈਏ ਕਿ ਕੇਜਰੀਵਾਲ ਦੀ ਜ਼ਮਾਨਤ ਦੀ ਖ਼ਬਰ ਮਿਲਦੇ ਹੀ ਚੰਡੀਗੜ੍ਹ ਮੁੱਖ ਦਫ਼ਤਰ ਚ ਵੱਖ-ਵੱਖ ਆਗੂ ਇੱਕਠੇ ਹੋਏ ਤੇ ਆਪਣੇ ਵਿਚਾਰ ਰੱਖੇ।
ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਇੱਕ ਗੱਲ ਸਾਬਤ ਹੋ ਗਈ ਹੈ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਲੋਕਾਂ ਵਿੱਚ ਆਸ ਦੀ ਇੱਕ ਕਿਰਨ ਜਾਗ ਗਈ ਹੈ। ਕੇਜਰੀਵਾਲ ਜੀ ਦੇ ਬਾਹਰ ਆਉਣ ਨਾਲ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ। ਹੁਣ ਪੂਰਾ ਦੇਸ਼ ਇਸ ਲੜਾਈ ਨੂੰ ਇਕੱਠੇ ਲੜੇਗਾ। ਇਸ ਦੇ ਨਾਲ ਹੀ ਬੈਂਸ ਨੇ ਕਿਹਾ ਕਿ ਅੱਜ ਦੇਸ਼ ਵਿੱਚ ਤਾਨਾਸ਼ਾਹੀ ਸਰਕਾਰ ਹੈ ਜੋ ਵਿਰੋਧੀ ਧਿਰ, ਲੋਕਤੰਤਰ ਅਤੇ ਸੰਵਿਧਾਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹੁਣ ਇਹ ਤਾਨਾਸ਼ਾਹੀ ਖ਼ਤਮ ਹੋ ਜਾਵੇਗੀ।
ਆਪ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਭਾਜਪਾ ਨੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਕੇ ਲੋਕਾਂ ਦਾ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਭਰੋਸਾ ਬਹਾਲ ਕੀਤਾ ਹੈ।
ਇਸ ਦੇ ਨਾਲ ਹੀ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ਅਸੀਂ ਸਾਰੇ ‘ਆਪ’ ਵਰਕਰ ਬਹੁਤ ਖੁਸ਼ ਹਾਂ। ਹੁਣ ਅਸੀਂ ਹੋਰ ਵੀ ਉਤਸ਼ਾਹ ਨਾਲ ਚੋਣਾਂ ਲੜਾਂਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਮਿਸ਼ਨ 13-0 ਨੂੰ ਪੂਰਾ ਕਰਾਂਗੇ।
ਇਸ ਤੋਂ ਇਲਾਵਾ ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਹ ਸਿਰਫ਼ ਅੰਤਰਿਮ ਜ਼ਮਾਨਤ ਹੀ ਨਹੀਂ ਹੈ, ਸਗੋਂ ਲੋਕਤੰਤਰ ਦੀ ਵੱਡੀ ਜਿੱਤ ਹੈ, ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਲੋਕਤੰਤਰ ਦਾ ਘਾਣ ਕਰਨ ਵਾਲਿਆਂ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਕਰਾਰਾ ਝਟਕਾ ਦਿੱਤਾ ਹੈ। ਭਾਜਪਾ ਵਾਲੇ ਕ੍ਰਾਂਤੀਕਾਰੀ ਨੇਤਾ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੇ ਸੀ, ਪਰ ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਦੇ ਦਿੱਤੀ ਹੈ। ਇਹ ਸਾਡੇ ਲੋਕਤੰਤਰ ਦੀ ਵੱਡੀ ਜਿੱਤ ਹੈ, ਅਸੀਂ ਆਪਣੇ ਲੋਕਤੰਤਰ ਦੀ ਰਾਖੀ ਲਈ ਮਾਣਯੋਗ ਅਦਾਲਤ ਦੇ ਧੰਨਵਾਦੀ ਹਾਂ।
ਇਸ ਤੋਂ ਇਲਾਵਾ ‘ਆਪ’ ਆਗੂ ਨੇ ਦਾਅਵਾ ਕੀਤਾ ਕਿ ਭਾਜਪਾ ਅਤੇ ਨਰਿੰਦਰ ਮੋਦੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ, ਇਸ ਲਈ ਉਨ੍ਹਾਂ ਨੇ ਸਾਨੂੰ ਰੋਕਣ ਲਈ ਸਾਡੀ ਪਾਰਟੀ ਅਤੇ ਇਸ ਦੇ ਆਗੂਆਂ ਵਿਰੁੱਧ ਸਾਜ਼ਿਸ਼ ਰਚੀ। ਜਦੋਂ ਉਹ ਸਾਨੂੰ ਕਿਸੇ ਹੋਰ ਤਰੀਕੇ ਨਾਲ ਡਰਾਉਣ ਵਿੱਚ ਅਸਫਲ ਰਹੇ, ਤਾਂ ਉਨ੍ਹਾਂ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਅਤੇ ਆਮ ਚੋਣਾਂ ਤੋਂ ਠੀਕ ਪਹਿਲਾਂ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਸਾਰੇ ਲੋਕਾਂ ਨੂੰ ਸਕਾਰਾਤਮਿਕ ਮਜ਼ਬੂਤੀ ਮਿਲੇਗੀ ਜੋ ਸਾਡੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੇ ਹਨ। ਉੱਥੇ ਹੀ ‘ਆਪ’ ਆਗੂ ਅਤੇ ਵਰਕਰ ਮੁੜ ਤੋਂ ਹੋਰ ਵੀ ਜੋਸ਼ ਨਾਲ ਕੰਮ ਕਰਨਗੇ।