ਜਲੰਧਰ – ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਨਗਰ ਨਿਗਮ ਚੋਣਾਂ ਸਣੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੀ ਅੱਜ ਤੋਂ ਧੂੰਆਂਧਾਰ ਪ੍ਰਚਾਰ ਕਰਨ ਲਈ ਚੋਣ ਦੌਰੇ ਸ਼ੁਰੂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ਵਿਚ ਚੋਣ ਪ੍ਰਚਾਰ ਕਰਨਗੇ।ਹੁਣ ਤੱਕ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਸਰਕਾਰ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੰਭਾਲੀ ਸੀ ਅਤੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਾਰੇ ਸੀਨੀਅਰ ਮੰਤਰੀ ਅਤੇ ਵਿਧਾਇਕ ਵੀ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਹਨ। ਅਮਨ ਅਰੋੜਾ ਨੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਲਈ 5-5 ਗਾਰੰਟੀਆਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿਚ ਸਬੰਧਤ ਸ਼ਹਿਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਹੁਣ ਨਿਗਮ ਚੋਣਾਂ ਦੀ ਜੰਗ ਵਿਚ ਉਤਰਨਗੇ ਅਤੇ ਵਿਰੋਧੀਆਂ ’ਤੇ ਹਮਲੇ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਚੋਣ ਦੌਰਿਆਂ ਦੌਰਾਨ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਵੀ ਮੌਜੂਦ ਰਹਿਣਗੇ।