ਲੁਧਿਆਣਾ: ਪੰਜਾਬ ਵਿਚ ਅੱਜ ਤੋਂ ਮੌਸਮ ਕਰਵਟ ਲੈਣ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਸੂਬੇ ਭਰ ਵਿਚ ਠੰਡ ਹੋਰ ਵੱਧ ਸਕਦੀ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਝੱਖੜ-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 15 ਜ਼ਿਲ੍ਹਿਆਂ ਵਿਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਕੱਲ੍ਹ ਯਾਨੀ 27 ਦਸੰਬਰ ਨੂੰ ਗੜ੍ਹੇਮਾਰੀ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ, ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਅੱਜ ਕਈ ਜ਼ਿਲ੍ਹਿਆਂ ਵਿਚ ਝੱਖੜ-ਤੂਫ਼ਾਨ ਆਵੇਗਾ। ਕੱਲ੍ਹ ਕਈ ਜ਼ਿਲ੍ਹਿਆਂ ਵਿਚ ਗੜ੍ਹੇ ਪੈਣਗੇ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅਹਿਤਿਆਤਨ ਆਰੇਂਜ ਅਲਰਟ ਜਾਰੀ ਕਰ ਦਿੱਤਾ ਹੈ ਤੇ ਲੋਕਾਂ ਨੂੰ ਇਸ ਬਾਰੇ ਸੁਚੇਤ ਕਰ ਦਿੱਤਾ ਗਿਆ ਹੈ।