ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇੱਕ ਐਂਡ੍ਰਾਇਡ ਮੋਬਾਈਲ ਐਪਲੀਕੇਸ਼ਨ ‘ਸਟੇਟ ਹੈਲਥ ਏਜੰਸੀ ਪੰਜਾਬ’ ਲਾਂਚ ਕੀਤੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ‘ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਇਸ ਸਕੀਮ ਨਾਲ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰਦੀ ਹੈ ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾ ਸਕਦੇ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.68 ਕਰੋੜ ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 88 ਲੱਖ ਲਾਭਪਾਤਰੀ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਹ ਮਹੱਤਵਪੂਰਨ ਸਹੂਲਤ ਇੱਕ ਵਿਲੱਖਣ ਸਕੀਮ ਹੈ ਕਿਉਂਕਿ ਇਸ ਵਿੱਚ ਉਨ੍ਹਾਂ ਲੱਖਾਂ ਵਾਧੂ ਵਿਅਕਤੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜੋ ਆਯੁਸ਼ਮਾਨ ਭਾਰਤ ਸਕੀਮ ਅਧੀਨ ਕਵਰ ਨਹੀਂ ਕੀਤੇ ਜਾਂਦੇ। ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਨਾਲ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਲਗਭਗ 45 ਲੱਖ ਪਰਿਵਾਰ ਸ਼ਾਮਲ ਹਨ।