ਜਲੰਧਰ – ਨੈਸ਼ਨਲ ਹਾਈਵੇਅ ‘ਤੇ ਇਕ ਭਿਆਨਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਦਕੋਹਾ ਫਾਟਕ ਨੇੜੇ ਦੋ ਟਰਾਲਿਆਂ ਦੀ ਭਿਆਨਕ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇਕ ਵਾਹਨ ਬੇਕਾਬੂ ਹੋ ਕੇ ਸੜਕ ਕਿਨਾਰੇ ਰੇਲਿੰਗ ਵਿੱਚ ਫਸ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਜਾਮ ਲੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਆਵਾਜਾਈ ਨੂੰ ਫਿਰ ਤੋਂ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਗੈਸ ਕਟਰ ਦੀ ਮਦਦ ਨਾਲ ਰੇਲਿੰਗ ਨੂੰ ਕੱਟ ਕੇ ਗੱਡੀ ਨੂੰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਮਾਮਲੇ ਦੀ ਦੀਪਕ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦੇ ਟਰੱਕ ਦਾ ਡਰਾਈਵਰ ਲਖਨਊ ਤੋਂ ਗੱਡੀ ਲੋਡ ਕਰਕੇ ਹਿਮਾਚਲ ਵੱਲ ਲਿਜਾ ਰਿਹਾ ਸੀ। ਇਸ ਦੌਰਾਨ ਦੇਰ ਰਾਤ ਗਊ ਨੂੰ ਬਚਾਉਣ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋਵੇਂ ਵਾਹਨਾਂ ਦੇ ਡਰਾਈਵਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ।ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਰਾਤ ਡੇਢ ਵਜੇ ਦੀ ਹੈ। ਹਾਲਾਂਕਿ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਕ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਹਾਦਸੇ ਵਿੱਚ ਡਰਾਈਵਰ ਦੀ ਲੱਤ ਬੁਰੀ ਤਰ੍ਹਾਂ ਟੁੱਟ ਗਈ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।