ਚੰਡੀਗੜ੍ਹ — ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ‘ਫੂਡ ਸੇਫ਼ਟੀ ਆਨ ਵੀਲਜ਼’ ਪਹਿਲਕਦਮੀ, ਜਿਸ ਦਾ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਕੀਤਾ ਗਿਆ ਹੈ, ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ‘ਫੂਡ ਸੇਫ਼ਟੀ ਆਨ ਵੀਲਜ਼’ ਮੋਬਾਇਲ ਫੂਡ ਟੈਸਟਿੰਗ ਵੈਨਾਂ ਹਨ, ਜੋ ਦੁੱਧ, ਪਨੀਰ, ਪਾਣੀ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਸਮੇਤ ਭੋਜਨ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਮਿਲਾਵਟ ਦੀ ਜਾਂਚ ਕਰਨ ਲਈ ਲੈਸ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਇਹ ਵੈਨਾਂ ਭੋਜਨ ਮਿਲਾਵਟ ਵਿਰੁੱਧ ਸਾਡੀ ਲੜਾਈ ਵਿੱਚ ਇਕ ਮਹੱਤਵਪੂਰਨ ਸਾਧਨ ਹਨ। ਮੈਂ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ। ਸਿਹਤ ਮੰਤਰੀ ਇਥੇ ਪੰਜਾਬ ਭਵਨ ਵਿਖੇ ‘ਇਫ ਇਟਸ ਨੌਟ ਸੇਫ, ਇਟਸ ਨੌਟ ਫੂਡ’ ਦੇ ਸਲੋਗਨ ਵਾਲੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ, ਪੰਜਾਬ ਦਿਲਰਾਜ ਸਿੰਘ, ਡਾਇਰੈਕਟਰ ਲੈਬਜ਼ ਰਵਨੀਤ ਕੌਰ ਅਤੇ ਸੰਯੁਕਤ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਵੀ ਮੌਜੂਦ ਸਨ।