|
ਜਲੰਧਰ, 31 ਜਨਵਰੀ
ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟਿ੍ਰਕ ਵਜ਼ੀਫਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਪ੍ਰਤੀ ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਕਰਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ, ਅਕਾਲੀ ਅਤੇ ਭਾਜਪਾ ਸੱਤਾ ਵਿੱਚ ਹੁੰਦਿਆਂ ਆਪਣੇ ਪਰਿਵਾਰਾਂ ਦੇ ਹਿੱਤ ਪਾਲਦੀ ਰਹੀ ਹੈ ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਸਿਰਫ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ’ਤੇ ਧਿਆਨ ਦੇ ਰਹੀ ਹੈ।
ਸਾਲ 2020-21 ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀਆਂ ਵਿੱਚ 35 ਫੀਸਦੀ ਦਾ ਵਾਧਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਗਵਾਹੀ ਭਰਦੇ ਹਨ। ਉਨ੍ਹਾਂ ਕਿਹਾ ਕਿ ਵਜ਼ੀਫਾ ਸਿਰਫ ਵਿੱਤੀ ਇਮਦਾਦ ਨਹੀਂ ਹੈ ਸਗੋਂ ਸਵੈ-ਨਿਰਭਰਤਾ ਦਾ ਵਸੀਲਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਯੋਜਨਾ ਨਾਲ ਜਾਣਬੁੱਝ ਕੇ ਸਾਲਾਂਬੱਧੀ ਅਣਗੌਲੇ ਗਏ ਸਿਸਟਮ ਨੂੰ ਦਰੁਸਤ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ ਕਿਉਂ ਜੋ ਫੰਡ ਜਾਰੀ ਕਰਨ ਵਿੱਚ ਦੇਰੀ ਕਰਨ ਅਤੇ ਫੰਡਾਂ ਦੀ ਦੁਰਵਰਤੋਂ ਨਾਲ ਵਿਦਿਆਰਥੀ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਵਾਂਝੇ ਰਹਿ ਜਾਂਦੇ ਸਨ।
ਐਕਸ ‘ਤੇ ਸਮਾਗਮ ਦੇ ਕੁਝ ਅੰਸ ਸਾਂਝੇ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਿਆ ਗਿਆ ਜਿਸ ਨਾਲ ਸੂਬਾ ਭਰ ਦੇ 2.7 ਲੱਖ ਤੋਂ ਵੱਧ ਬੱਚਿਆਂ ਨੂੰ ਵਜ਼ੀਫਾ ਵੰਡਣ ਦੀ ਸੁਰੂਆਤ ਹੋਈ। ਇਸ ਪਹਿਲਕਦਮੀ ਦਾ ਮੁੱਖ ਉਦੇਸ ਇਹ ਯਕੀਨੀ ਬਣਾਉਣਾ ਹੈ ਕਿ ਲੋੜਵੰਦ ਪਰਿਵਾਰਾਂ ਦੇ ਬੱਚੇ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਹੋਣ। ਸਾਲ 2020-21 ਦੇ ਮੁਕਾਬਲੇ, 2024-25 ਵਿੱਚ ਵਜ਼ੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 35 ਪ੍ਰਤੀਸਤ ਦਾ ਵਾਧਾ ਹੋਇਆ ਹੈ। ਇਹ ਸਕਾਲਰਸ਼ਿਪ ਸਿਰਫ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ ਦਾ ਸਕਤੀਸਾਲੀ ਸਾਧਨ ਹੈ। ਕੋਸ਼ਿਸ ਇਹ ਯਕੀਨੀ ਬਣਾਉਣ ਦੀ ਹੈ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ ਜਾਂ ਪੈਸੇ ਦੀ ਘਾਟ ਕਾਰਨ ਆਪਣੇ ਸੁਪਨਿਆਂ ਨੂੰ ਛੱਡਣ ਲਈ ਮਜਬੂਰ ਨਾ ਹੋਵੇ।”
ਵਜ਼ੀਫਾ ਵੰਡ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਘਪਲੇ ਤੋਂ ਲੈ ਕੇ ‘ਰੰਗਲੇ ਪੰਜਾਬ‘ ਤੱਕ, ਪੋਸਟ-ਮੈਟਿ੍ਰਕ ਵਜ਼ੀਫਾ ਸਕੀਮ ਸਮਾਜਿਕ ਬਦਲਾਅ ਦਾ ਸਕਤੀਸਾਲੀ ਸਾਧਨ ਬਣ ਗਈ ਹੈ। ਇਸ ਯੋਜਨਾ ਨੇ ਅਨੁਸੂਚਿਤ ਜਾਤੀ ਦੇ ਲੱਖਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਉਡਾਣ ਭਰਨ ਲਈ ਖੰਭ ਦਿੱਤੇ ਹਨ ਜੋ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ।“ ਇਸ ਮੌਕੇ ਮੌਜੂਦ ਲਾਭਪਾਤਰੀਆਂ ਨੇ ਤਾੜੀਆਂ ਦੀ ਗੂੰਜ ਵਿੱਚ ਸਵਾਗਤ ਕੀਤਾ।
ਸਾਲ 2017 ਤੋਂ 2020 ਤੱਕ ਦੇ ਸਮੇਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਲਗਭਗ ਠੱਪ ਹੋ ਗਈ ਸੀ, ਜਿਸ ਕਾਰਨ ਵਿਦਿਅਕ ਸੰਸਥਾਵਾਂ ਨੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਲਈਆਂ ਸਨ। ਮੁੱਖ ਮੰਤਰੀ ਨੇ ਕਿਹਾ, “ਇਸ ਸਕੀਮ ਤਹਿਤ ਇੱਕ ਘੁਟਾਲਾ ਹੋਇਆ ਸੀ ਅਤੇ ਹਰ ਪੰਜਾਬੀ ਇਸ ਤੋਂ ਬਹੁਤ ਨਿਰਾਸ਼ ਤੇ ਦੁਖੀ ਹੋਇਆ ਸੀ। ਇਸ ਮਹਿਕਮੇ ਦੇ ਤਤਕਾਲੀ ਮੰਤਰੀ ਨੇ ਕਮਜੋਰ ਵਰਗਾਂ ਦੇ ਬੱਚਿਆਂ ਦੀ ਸਿੱਖਿਆ ਲਈ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਉਣ ਲਈ ਆਪਣੇ ਹੀ ਭਾਈਚਾਰੇ ਨਾਲ ਧੋਖਾ ਕੀਤਾ।” ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਫੰਡ ਹੜੱਪ ਲਏ ਗਏ ਜਿਸ ਨਾਲ ਉਨ੍ਹਾਂ ਨੂੰ ਸਹੀ ਮੌਕਿਆਂ ਤੋਂ ਵਿਰਵਾ ਕਰ ਦਿੱਤਾ ਗਿਆ।
ਸਿੱਖਿਆ ਦੀ ਮਹੱਤਤਾ ‘ਤੇ ਜੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਮਜੋਰ ਅਤੇ ਪੱਛੜੇ ਵਰਗਾਂ ਦੀ ਤਕਦੀਰ ਬਦਲਣ ਲਈ ਸਿੱਖਿਆ ਹੀ ਇੱਕੋ-ਇੱਕ ਜ਼ਰੀਆ ਹੈ। ਬਦਕਿਸਮਤੀ ਨਾਲ ਸਰਕਾਰਾਂ ਨੇ ਜਾਣ-ਬੁੱਝ ਕੇ ਇਨ੍ਹਾਂ ਵਿਦਿਆਰਥੀਆਂ ਨੂੰ ਲਗਾਤਾਰ ਕਿਤਾਬਾਂ ਤੋਂ ਦੂਰ ਰੱਖਿਆ। ਅੱਜ ਸਾਡੀ ਸਰਕਾਰ ਉਨ੍ਹਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਅਤੇ ਜ਼ਿੰਦਗੀ ਵਿੱਚ ਬੁਲੰਦੀਆਂ ਛੂਹਣ ਦਾ ਮੌਕਾ ਦੇ ਰਹੀ ਹੈ।” ਮਾਪਿਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਸਖਤ ਮਿਹਨਤ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵਧਣ ਲਈ ਸਹੀ ਮਾਅਨਿਆਂ ਵਿੱਚ ਪ੍ਰੇਰਨਾ ਦਾ ਸਰੋਤ ਬਣੇ ਹਨ।
ਮੁੱਖ ਮੰਤਰੀ ਨੇ ਸਟੇਜ ਤੋਂ ਸੰਤ ਰਾਮ ਉਦਾਸੀ ਦੀ ਕਵਿਤਾ, ‘ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ, “ਇਹ ਕਵਿਤਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਅਤੇ ਲੋਕਾਂ ਨੂੰ ਸਦਾ ਸਖਤ ਮਿਹਨਤ ਕਰਨ ਵਿੱਚ ਵਿਸ਼ਵਾਸ ਕਰਨ ਲਈ ਪ੍ਰੇਰਿਤ ਕਰਦੀ ਹੈ।” ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਵਿੱਚ ਟੀਚਾ ਤੈਅ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਖਤ ਮਿਹਨਤ ਹੀ ਇਸ ਟੀਚੇ ਨੂੰ ਪ੍ਰਾਪਤ ਕਰਨ ਦਾ ਇੱਕੋ-ਇੱਕ ਰਾਹ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ ਪੰਜਾਬ ਦੇ ਹਰ ਕੋਨੇ ਵਿੱਚ ਸਿੱਖਿਆ ਦਾ ਚਾਨਣ ਫੈਲਾਉਣਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਸਾਡੀ ਸਰਕਾਰ ਦੀ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਅਤੇ ਬਾਬਾ ਸਾਹਿਬ ਅੰਬੇਦਕਰ ਦੇ ਵਿਸਵਾਸ ਨੂੰ ਪ੍ਰਣਾਈ ਹੋਈ ਹੈ ਕਿ ਸਿੱਖਿਆ ਸਮਾਜਿਕ ਅਸਮਾਨਤਾ ਨੂੰ ਖਤਮ ਕਰਨ ਦਾ ਸਭ ਤੋਂ ਸਕਤੀਸਾਲੀ ਹਥਿਆਰ ਹੈ।”
ਇਸ ਯੋਜਨਾ ਦਾ ਵਿਦਿਆਰਥੀਆਂ ਦੇ ਭਵਿੱਖ ’ਤੇ ਪੈਣ ਵਾਲੇ ਅਸਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਆਪਣੀ ਕਿਸਮਤ ਬਦਲਣ ਅਤੇ ਭਾਰਤ ਨੂੰ ਵਿਸਵ ਪੱਧਰ ‘ਤੇ ਮੋਹਰੀ ਬਣਾਉਣ ਵਿੱਚ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ, “ਇਸ ਦਾ ਉਦੇਸ ਆਰਥਿਕ ਤੌਰ ‘ਤੇ ਕਮਜੋਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਨਾਲ ਜੋੜਨਾ ਹੈ। ਇਹ ਯੋਜਨਾ 2.50 ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਲਈ ਹੈ ਅਤੇ ਇਸ ਨੂੰ ਪੰਜਾਬ ਭਰ ਵਿੱਚ ਪੂਰੀ ਪਾਰਦਰਸਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।” ਇਸ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਸਾਂਝੀਆਂ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ, “ਲਾਭਪਾਤਰੀਆਂ ਦੀ ਗਿਣਤੀ ਵਿੱਚ ਬੇਮਿਸਾਲ ਵਾਧਾ ਹੋਇਆ ਹੈ। 2020-21 ਦੇ ਮੁਕਾਬਲੇ, 2024-25 ਵਿੱਚ ਲਾਭਪਾਤਰੀਆਂ ਵਿੱਚ 35 ਪ੍ਰਤੀਸਤ ਵਾਧਾ ਹੋਇਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਬਜਟ 245 ਕਰੋੜ ਰੁਪਏ ਤੋਂ ਵਧਾ ਕੇ 271 ਕਰੋੜ ਰੁਪਏ ਕਰ ਦਿੱਤਾ ਗਿਆ ਹੈ, ਜਿਸ ਨਾਲ ਇਹ ਗੱਲ ਸਾਹਮਣੇ ਆਈ ਹੈ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਪੰਜਾਬ ਸਰਕਾਰ ਦਾ ਫਰਜ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ, ਧੋਖਾਧੜੀ ਨੂੰ ਰੋਕਣ ਲਈ ਵਿਦਿਆਰਥੀਆਂ, ਸੰਸਥਾਵਾਂ ਦੇ ਮੁਖੀਆਂ ਅਤੇ ਨੋਡਲ ਅਫਸਰਾਂ ਲਈ ਬਾਇਓ-ਪ੍ਰਮਾਣਿਕਤਾ ਲਾਜਮੀ ਕੀਤੀ ਗਈ ਹੈ।“
ਮੁੱਖ ਮੰਤਰੀ ਨੇ ਕਿਹਾ ਕਿ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ‘ਤੇ ਜਵਾਬਦੇਹੀ ਵਾਲੀ ਵਿਵਸਥਾ ਸੁਰੂ ਕੀਤੀ ਗਈ ਹੈ। ਉਨ੍ਹਾਂ ਨੇ ਦੁਹਰਾਇਆ ਕਿ ਪੋਸਟ-ਮੈਟਿ੍ਰਕ ਵਜ਼ੀਫਾ ਮਹਿਜ਼ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਇਹ ਸਵੈ-ਨਿਰਭਰਤਾ ਦਾ ਰਾਹ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਦਿ੍ਰੜਤਾ ਨਾਲ ਵਚਨਬੱਧ ਹਾਂ ਕਿ ਕਿਸੇ ਵੀ ਪ੍ਰਤਿਭਾਸਾਲੀ ਬੱਚੇ ਦਾ ਸੁਪਨਾ ਪੈਸੇ ਦੀ ਘਾਟ ਕਾਰਨ ਅਧੂਰਾ ਨਾ ਰਹੇ।
ਇਸ ਪਹਿਲਕਦਮੀ ਨੂੰ ਬਾਬਾ ਸਾਹਿਬ ਅੰਬੇਦਕਰ ਦੀ ਵਿਚਾਰਧਾਰਾ ਨਾਲ ਜੋੜਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮੁਫਤ ਸਹੂਲਤ ਜਾਂ ਰਿਆਇਤੀ ਕਾਰਡ, ਗਰੀਬੀ ਜਾਂ ਸਮਾਜਿਕ ਅਲਾਮਤਾਂ ਨੂੰ ਖਤਮ ਨਹੀਂ ਕਰ ਸਕਦਾ ਅਤੇ ਇਹ ਸਿਰਫ ਸਿੱਖਿਆ ਹੀ ਹੈ ਜੋ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਇਸ ਚੱਕਰ ਨੂੰ ਤੋੜ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਕਰਨ ਵਾਸਤੇ ਅਣਥੱਕ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕੋ ਸਮੇਂ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮੁੜ ਸੁਰਜੀਤ ਕਰ ਰਹੀ ਹੈ, ਜਿਸ ਤਹਿਤ ਸਮਾਰਟ ਕਲਾਸ ਰੂਮ, ਆਧੁਨਿਕ ਲੈਬਾਟਰੀਆਂ ਅਤੇ ਖੇਡ ਮੈਦਾਨਾਂ ਨਾਲ ਲੈਸ ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਗਏ ਹਨ। ਅਧਿਆਪਕਾਂ ਅਤੇ ਪਿ੍ਰੰਸੀਪਲਾਂ ਨੂੰ ਆਧੁਨਿਕ ਵਿਸੇਸ ਸਿਖਲਾਈ ਵਾਸਤੇ ਵਿਦੇਸ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਲਈ ਤਿਆਰ ਕਰ ਸਕਣ।
ਮੁੱਖ ਮੰਤਰੀ ਨੇ ਮਾਣ ਨਾਲ ਸਾਂਝਾ ਕੀਤਾ ਕਿ ਪੰਜਾਬ ਨੇ ‘ਨੈਸ਼ਨਲ ਅਚੀਵਮੈਂਟ ਸਰਵੇ’ ਵਿੱਚ ਕੇਰਲ ਨੂੰ ਵੀ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਆਧੁਨਿਕ ਯੁੱਗ ਦੇ ਸਿੱਖਿਆ ਮੰਦਰ ਬਣ ਗਏ ਹਨ, ਜੋ ਲਗਾਤਾਰ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਰੌਸਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ‘ਚ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਅਤੇ ਨੀਟ, ਜੇ.ਈ.ਈ., ਸੀ.ਐਲ.ਏ.ਟੀ. (ਕਲੈਟ) ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਖੁਸੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼, ਜੇ.ਈ.ਈ. ਐਡਵਾਂਸਡ ਅਤੇ ਨੀਟ ਲਈ ਕੁਆਲੀਫਾਈ ਕੀਤਾ ਹੈ।
ਸਿਹਤ ਸੰਭਾਲ ਸੁਧਾਰਾਂ ਦਾ ਹਵਾਲਾ ਦਿੰਦੇ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਰਕਾਰੀ ਕਰਮਚਾਰੀਆਂ ਅਤੇ ਪੈਨਸਨਰਾਂ ਸਮੇਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਬਿਨਾਂ ਕਿਸੇ ਆਮਦਨ ਦੀ ਸਰਤ ਦੇ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕ ਰੋਜਾਨਾ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ 63,027 ਸਰਕਾਰੀ ਨੌਕਰੀਆਂ ਪਾਰਦਰਸੀ ਢੰਗ ਨਾਲ ਬਿਨਾਂ ਰਿਸਵਤ ਜਾਂ ਸਿਫ਼ਾਰਸ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਲ 2022 ਤੋਂ 90 ਫੀਸਦ ਪਰਿਵਾਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਦਿਨ ਵੇਲੇ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਮਿਲ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ 18,349 ਖਾਲਿਆਂ ਦੇ 6,900 ਕਿਲੋਮੀਟਰ ਹਿੱਸੇ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਤਾਂ ਜੋ ਪਾਣੀ ਨੂੰ ਟੇਲਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸਹੀਦੀ ਪੁਰਬ ਨੂੰ ਮਨਾਉਣ ਤੋਂ ਬਾਅਦ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਦੀ ਤਿਆਰੀ ਕਰ ਰਹੀ ਹੈ, ਜਿਸ ਵਿੱਚ ਸੂਬੇ ਭਰ ‘ਚ ਵੱਖ-ਵੱਖ ਪ੍ਰੋਗਰਾਮਾਂ ਦੀ ਯੋਜਨਾ ਉਲੀਕੀ ਜਾਵੇਗੀ।
ਰਵਾਇਤੀ ਸਿਆਸੀ ਪਾਰਟੀਆਂ ‘ਤੇ ਨਿਸਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਇਸ ਸੱਚ ਨੂੰ ਹਜਮ ਨਹੀਂ ਕਰ ਪਾ ਰਹੀਆਂ ਕਿ ਇਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਪੰਜਾਬ ਦਾ ਸ਼ਾਸਨ ਇੰਨੇ ਚੰਗੇ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਸੋਚ ਕਰਕੇ ਲੋਕਾਂ ਦਾ ਇਨ੍ਹਾਂ ਤੋਂ ਵਿਸਵਾਸ ਉੱਠ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਪੰਜਾਬ ਅਤੇ ਇਸ ਦੇ ਲੋਕਾਂ ਨਾਲੋਂ ਆਪਣੇ ਪਰਿਵਾਰਾਂ ਨੂੰ ਪਹਿਲ ਦਿੰਦੇ ਆਏ ਹਨ, ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡਾ. ਬਲਜੀਤ ਕੌਰ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।
ਇਸ ਮੌਕੇ ਲਾਭਪਾਤਰੀ ਵਿਦਿਆਰਥੀਆਂ ਨੇ ਭਾਵੁਕਤਾ ਨਾਲ ਆਪਣੇ ਤਜਰਬੇ ਵੀ ਸਾਂਝੇ ਕੀਤੇ, ਜਿਸ ਵਿੱਚ ਐਮ.ਬੀ.ਬੀ.ਐਸ. ਕਰ ਰਹੇ ਦਿਲਪ੍ਰੀਤ ਸਿੰਘ ਨੇ ਉਸ ਨੂੰ ਡਾ. ਦਿਲਪ੍ਰੀਤ ਵਿੱਚ ਬਦਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਇੰਨਾ ਜ਼ਿਆਦਾ ਸ਼ੁਕਰਗੁਜ਼ਾਰ ਹੈ ਕਿ ਉਸ ਕੋਲ ਧੰਨਵਾਦ ਲਈ ਸਬਦ ਵੀ ਘੱਟ ਪੈ ਰਹੇ ਹਨ। ਬੀ.ਏ. ਐਲ.ਐਲ.ਬੀ. ਦੀ ਵਿਦਿਆਰਥਣ ਹਰਸ਼ਿਤਾ ਨੇ ਕਿਹਾ ਕਿ ਇਸ ਸਕੀਮ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ ਅਤੇ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਆਪਣੇ ਵਾਅਦਿਆਂ ‘ਤੇ ਖਰੀ ਉਤਰੀ ਹੈ। ਸੁਰਸੰਗਮ ਕੌਰ ਨੇ ਕਿਹਾ ਕਿ ਵਜ਼ੀਫੇ ਨੇ ਉਨ੍ਹਾਂ ਨੂੰ ਬੁਲੰਦੀਆਂ ਛੂਹਣ ਲਈ ਉਡਾਨ ਭਰਨ ਵਾਸਤੇ ਖੰਭ ਦਿੱਤੇ ਹਨ ਜਦੋਂ ਕਿ ਲੈਮਰਿਨ ਸਕਿੱਲ ਯੂਨੀਵਰਸਿਟੀ ਦੇ ਦਿਲਪ੍ਰੀਤ ਸਿੰਘ ਨੇ ਕਿਹਾ ਕਿ ਉਸਦੇ ਪਰਿਵਾਰ ਦੀ ਕਮਜੋਰ ਵਿੱਤੀ ਸਥਿਤੀ ਕਾਰਨ ਇਸ ਸਕੀਮ ਨੇ ਉਸ ਦੀ ਜ਼ਿੰਦਗੀ ਬਦਲਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਈ ਹੈ। ਗਰੀਬ ਵਿਦਿਆਰਥੀਆਂ ਦੀ ਸਹਾਇਤਾ ਲਈ ਮੁੱਖ ਮੰਤਰੀ ਦੀ ਇਸ ਉਸਾਰੂ ਤੇ ਨੇਕ ਪਹਿਲ ਲਈ ਧੰਨਵਾਦ ਕਰਦਿਆਂ ਡੀ.ਆਈ.ਪੀ.ਐਸ. ਕਾਲਜ, ਢਿਲਵਾਂ ਤੋਂ ਨਵਾਂਸ ਸਿੱਧੂ ਨੇ ਕਿਹਾ ਕਿ ਉਹ ਆਮ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਇਸ ਪਹਿਲਕਦਮੀ ਨੇ ਉਸ ਦੇ ਸੁਪਨੇ ਪੂਰੇ ਕਰਨ ਵਿੱਚ ਹਰ ਪੱਖੋਂ ਮਦਦ ਕੀਤੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮਹਿੰਦਰ ਭਗਤ, ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਬਲਕਾਰ ਸਿੰਘ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸਨ ਦੇ ਚੇਅਰਮੈਨ ਚੰਦਨ ਗਰੇਵਾਲ ਸਮੇਤ ਹੋਰ ਪ੍ਰਮੁੱਖ ਸਖਸੀਅਤਾਂ ਹਾਜਰ ਸਨ। |