ਫਿਰੋਜ਼ਪੁਰ/ਤਰਨਤਾਰਨ : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਜ਼ਿਲ੍ਹਾ ਫਿਰੋਜ਼ਪੁਰ ਰੇਲ ਰੋਕੋ ਮੋਰਚਾ ਫਿਰੋਜ਼ਪੁਰ ਵੱਲੋਂ 18 ਦਸੰਬਰ ਨੂੰ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ’ਤੇ 3 ਘੰਟੇ ਲਈ ਰੇਲ ਚੱਕਾ ਜਾਮ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਧਰਮ ਸਿੰਘ ਸਿੱਧੂ ਨੇ ਦੱਸਿਆ ਕਿ 10 ਮਹੀਨਿਆਂ ਤੋਂ ਦਿੱਲੀ ਮੋਰਚਾ 2 ਚੱਲ ਰਿਹਾ ਹੈ ਅਤੇ ਹਰਿਆਣਾ ਪੁਲਸ, ਕਿਸਾਨਾਂ ਨੂੰ ਦਿੱਲੀ ਪੈਦਲ ਜਾਣ ਤੋਂ ਵੀ ਰੋਕ ਰਹੀ ਹੈ ਅਤੇ ਹਰਿਆਣਾ ਪੁਲਸ ਵੱਲੋਂ ਕਿਸਾਨਾ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੱਕ ਆਵਾਜ਼ ਪਹੁੰਚਾਉਣ ਲਈ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਦੇਸ਼ ਭਰ ਦੇ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾਣਗੀਆਂ ਅਤੇ ਗੁਰਦੁਆਰਾ ਪ੍ਰਗਟ ਸਾਹਿਬ ਤੋਂ ਕਿਸਾਨਾ ਦਾ ਵੱਡਾ ਕਾਫਲਾ 11 ਵਜੇ ਗੁਰੂਹਰਸਹਾਏ ਵੱਲ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਵਿੱਚ ਕਿਸਾਨ ਅਤੇ ਹੋਰ ਲੋਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਤੋਂ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਦੌਰਾਨ ਦਿੱਲੀ ਵੱਲ ਪੈਦਲ ਮਾਰਚ ਕਰ ਰਹੇ ਕਿਸਾਨਾਂ ਨੂੰ ਸ਼ੰਭੂ ਖਨੂਰੀ ਅਤੇ ਰਤਨਪੁਰ (ਰਾਜਸਥਾਨ) ਸਰਹੱਦ ’ਤੇ ਜ਼ੁਲਮ ਕੀਤਾ ਗਿਆ। ਮੋਦੀ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਨੂੰ ਹਰ ਰੋਜ਼ ਵਿਰੋਧ ਦੀ ਆਜ਼ਾਦੀ ਦਾ ਗਲਾ ਘੁੱਟ ਕੇ ਇੱਕ ਵੱਖਰੇ ਦੇਸ਼ ਦਾ ਅਹਿਸਾਸ ਕਰਵਾਇਆ ਹੈ। ਕਿਸਾਨ ਆਗੂ ਨੇ ਕਿਹਾ 18 ਦਸੰਬਰ ਨੂੰ ਚੱਕਾ ਜਾਮ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਰੇਲ ਰੋਕੋ ਅੰਦੋਲਨ ‘ਚ ਪੰਜਾਬ ਭਰ ਤੋਂ ਲੱਖਾਂ ਕਿਸਾਨ, ਮਜ਼ਦੂਰ, ਔਰਤਾਂ, ਨੌਜਵਾਨ, ਛੋਟੇ ਦੁਕਾਨਦਾਰ ਅਤੇ ਛੋਟੇ ਵਪਾਰੀ ਹਿੱਸਾ ਲੈਣਗੇ।