ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਅੱਜ 22 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥੇ ਦੀ ਰਵਾਨਗੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਯਾਤਰਾ ਲਈ ਕੁੱਲ 1822 ਸ਼ਰਧਾਲੂਆਂ ਨੂੰ ਪਾਕਿਸਤਾਨ ਦਾ ਵੀਜ਼ਾ ਮਿਲਿਆ ਹੈ, ਜਦਕਿ 6 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਨਹੀਂ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਵੱਲੋਂ ਕੁੱਲ 1828 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਭੇਜੇ ਗਏ ਸਨ। ਬੀਤੇ ਦਿਨ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡੇ ਗਏ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਕਰਨਗੇ। ਉਨ੍ਹਾਂ ਦੇ ਨਾਲ ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਮੈਨੇਜਰ ਲਖਬੀਰ ਸਿੰਘ ਚੀਫ-85 ਵੀ ਪਾਕਿਸਤਾਨ ਜਾਣਗੇ।
ਪਾਕਿਸਤਾਨ ਪਹੁੰਚ ਕੇ ਸ਼ਰਧਾਲੂ ਉੱਥੇ ਸਥਿਤ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨਗੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣਗੇ। ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ ਇਹ ਜਥਾ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।

