ਰੋਜ਼ੀ-ਰੋਟੀ ਦੀ ਭਾਲ ’ਚ ਭਾਰਤ ਦੇ ਨੌਜਵਾਨ ਅਕਸਰ ਹੀ ਵਿਦੇਸ਼ਾਂ ਵੱਲ ਰੁਖ਼ ਕਰਦੇ ਹਨ ਪਰ ਇਸ ਵਿਚਾਲੇ ਟਰੈਵਲ ਏਜੰਟਾਂ ਦੀ ਧੋਖਾਧੜੀ ਕਾਰਨ ਨੌਜਵਾਨਾਂ ਨੂੰ ਸ਼ਰਮਿੰਦਾ ਹੋਣਾ ਪੈਂਦਾ ਹੈ। ਕਈ ਵਾਰ ਨੌਜਵਾਨ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਕੇ ਅਜਿਹੇ ਦੇਸ਼ਾਂ ’ਚ ਪਹੁੰਚ ਜਾਂਦੇ ਹਨ ਜਿੱਥੋਂ ਮੁੜਨ ਦਾ ਕੋਈ ਰਸਤਾ ਨਹੀਂ ਬੱਚਦਾ। ਪਰ ਪੰਜਾਬ ਸਰਕਾਰ ਵੱਲੋਂ ਭਗਵੰਤ ਮਾਨ ਦੀ ਅਗਵਾਈ ’ਚ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਇੰਨ੍ਹਾਂ ਟਰੈਵਲ ਏਜੰਟਾਂ ਦੀ ਪਹਿਚਾਣ ਕਰਕੇ ਬੰਦ ਸ਼ਲਾਖਾ ਪਿੱਛੇ ਪਹੁੰਚਾਉਣ ਦਾ ਕੰਮ ਕਰ ਰਹੀ ਹੈ ਤਾਂ ਕਿ ਕੋਈ ਹੋਰ ਨੌਜਵਾਨ ਇੰਨ੍ਹਾਂ ਠੱਗਾਂ ਦਾ ਸ਼ਿਕਾਰ ਨਾ ਹੋ ਸਕੇ।
ਦਰਅਸਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਕਾਬੂ ਕੀਤਾ ਹੈ ਜਿੰਨ੍ਹਾਂ ’ਤੇ ਮਨੁੱਖੀ ਤਸਕਰੀ ਕਰਨ ਦੇ ਦੋਸ਼ ਲਗਾਏ ਗਏ ਹਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਬੁੱਧਵਾਰ ਨੂੰ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦੇ ਮਾਲਕ ਅਮਰਜੀਤ ਸਿੰਘ ਅਤੇ ਉਸ ਦੇ ਇੱਕ ਸਾਥੀ ਗੁਰਜੋਧ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਇਸ ਤੋਂ ਬਾਅਦ ਕੰਬੋਡੀਆ ਦੇ ਸਿਆਮ ਰੀਪ ਪਹੁੰਚਣ ’ਤੇ, ਉਹਨਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ ਅਤੇ ਫਿਰ ਉਹਨਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਜੋ ਸਾਈਬਰ ਫਾਈਨਾਂਸ਼ੀਅਲ ਫਰਾਡ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ।
ਡੀਜੀਪੀ ਨੇ ਦੱਸਿਆ ਕਿ ਟਰੈਵਲ ਏਜੰਟ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਇੱਕ ਪੀੜਤ ਨੇ ਕੰਬੋਡੀਆ ’ਚ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ ਸੀ। ਜਿਸ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਐਫਆਈਆਰ ਦਰਜ਼ ਕਰਕੇ ਇਸ ਕੇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਮੁੱਢਲੀ ਜਾਂਚ ’ਚ ਪਤਾ ਲੱਗਿਆ ਕਿ ਇਸਤੋਂ ਪਹਿਲਾਂ ਵੀ ਮੁਲਜ਼ਮਾਂ ਨੇ ਕਈ ਵਿਅਕਤੀਆਂ ਨੂੰ ਧੋਖੇ ਨਾਲ ਕੰਬੋਡੀਆ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਿਆ ਹੈ।