ਪਟਿਆਲਾ: ਪੰਜਾਬ ਦੇ ਰਾਜਪੁਰਾ ਨੇੜਲੇ ਪਿੰਡ ਗੱਦੋਮਾਜਰਾ ਦੇ ਰਹਿਣ ਵਾਲੇ 24 ਸਾਲਾ ਫੌਜੀ ਜਵਾਨ ਹਰਮਨ ਨੂਰੀ ਦੀ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਮੌਤ ਹੋ ਗਈ। ਮੰਗਲਵਾਰ ਸ਼ਾਮ ਕਰੀਬ 4 ਵਜੇ ਫੌਜ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦੁਖਦਾਈ ਘਟਨਾ ਬਾਰੇ ਸੂਚਿਤ ਕੀਤਾ ਗਿਆ। ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।
ਜਾਣਕਾਰੀ ਅਨੁਸਾਰ, ਜਸਵੀਰ ਸਿੰਘ ਦਾ ਪੁੱਤਰ ਹਰਮਨ ਨੂਰੀ ਕਰੀਬ ਤਿੰਨ ਸਾਲ ਪਹਿਲਾਂ ਅਗਨੀਵੀਰ ਯੋਜਨਾ ਤਹਿਤ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਸਿਖਲਾਈ ਪੂਰੀ ਕਰਨ ਤੋਂ ਬਾਅਦ ਉਸ ਦੀ ਤਾਇਨਾਤੀ ਯੂਨਿਟ 20 ਪੰਜਾਬ ਅਧੀਨ ਜੰਮੂ ਵਿੱਚ ਕੀਤੀ ਗਈ ਸੀ। ਉਹ ਉੱਥੇ ਹੀ ਆਪਣੀ ਡਿਊਟੀ ਨਿਭਾ ਰਿਹਾ ਸੀ।
ਪਿੰਡ ਦੇ ਸਰਪੰਚ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਕਰੀਬ 4 ਵਜੇ ਫੌਜ ਦੇ ਦਫ਼ਤਰ ਤੋਂ ਫੋਨ ਆਇਆ ਸੀ। ਇਸ ਦੌਰਾਨ ਪਰਿਵਾਰ ਨੂੰ ਹਰਮਨ ਨੂਰੀ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਜਾਣਕਾਰੀ ਦਿੱਤੀ ਗਈ। ਇਸ ਖ਼ਬਰ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਦੱਸਿਆ ਜਾ ਰਿਹਾ ਹੈ ਕਿ ਫੌਜ ਦੇ ਅਧਿਕਾਰੀ ਜਵਾਨ ਦੀ ਮ੍ਰਿਤਕ ਦੇਹ ਨੂੰ ਪਿੰਡ ਲੈ ਕੇ ਆ ਰਹੇ ਹਨ। ਪਿੰਡ ਵਿੱਚ ਪੂਰੇ ਫੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਫਿਲਹਾਲ ਹਰਮਨ ਨੂਰੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

