ਫਾਜ਼ਿਲਕਾ 7 ਮਾਰਚ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪੁਲਿਸ ਵੱਲੋਂ ਅੰਤਰਰਾਜੀ ਸਰਹੱਦ ਤੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਸਬੰਧੀ ਆਈਜੀ ਬਲਜੋਤ ਸਿੰਘ ਰਾਠੌੜ ਨੇ ਇਥੇ ਜ਼ਿਲ੍ਹੇ ਦਾ ਦੌਰਾ ਕਰਦਿਆਂ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪੁਲਿਸ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ 1 ਮਾਰਚ ਨੂੰ ਇਸ ਮੁਹਿੰਮ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਸਿਰਫ ਛੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ 27 ਮਾਮਲੇ ਦਰਜ ਕੀਤੇ ਗਏ ਹਨ। ਉਨਾਂ ਨੇ ਕਿਹਾ ਕਿ ਜਿਲ੍ਹੇ ਦੇ ਸਾਰੇ ਥਾਣਿਆਂ ਵਿੱਚ ਪੁਲਿਸ ਵੱਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਐਨਡੀਪੀਐਸ ਐਕਟ ਦੇ ਤਹਿਤ 31 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਤੋਂ ਵੱਖ ਵੱਖ ਨਸ਼ੇ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਉਹਨਾਂ ਨੇ ਕਿਹਾ ਕਿ ਅੱਜ ਚਲਾਏ ਗਏ ਮਿਸ਼ਨ ਸੀਲ ਦੇ ਤਹਿਤ ਰਾਜਸਥਾਨ ਨਾਲ ਲੱਗਦੇ ਗੁੰਮਜਾਲ ਅਤੇ ਰਾਜਪੁਰਾ ਨਾਕਿਆਂ ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਜਿੱਥੇ ਪੁਲਿਸ ਦੀਆਂ ਟੀਮਾਂ ਵੱਲੋਂ ਮੁਸਤੈਦੀ ਨਾਲ ਰਾਜਸਥਾਨ ਵੱਲੋਂ ਆਉਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਤੋਂ ਬਿਨਾਂ ਵੀ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਪੁਲਿਸ ਹਰ ਸਮੇਂ ਚੌਕਸੀ ਰੱਖ ਰਹੀ ਹੈ।