ਜਲੰਧਰ –ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਕੰਮਕਾਜ ਵਿਚ ਲਾਪ੍ਰਵਾਹੀ ਨੂੰ ਲੈ ਕੇ ਕੀਤੀ ਜਾ ਰਹੀ ਸਖ਼ਤੀ ਤਹਿਤ ਜਲੰਧਰ ਜ਼ਿਲ੍ਹੇ ਦੇ 3 ਪੰਚਾਇਤ ਸਕੱਤਰਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਚਿੱਠੀ ’ਤੇ ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।
ਜ਼ੀਰੋ ਟਾਲਰੈਂਸ ਨੀਤੀ ਤਹਿਤ ਇਸ ਕਾਰਵਾਈ ਨੂੰ ਸਖ਼ਤ ਸੰਦੇਸ਼ ਦੇ ਤੌਰ ’ਤੇ ਵੇਖਿਆ ਜਾ ਰਿਹਾ ਹੈ । ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ ਪੰਚਾਇਤ ਸਕੱਤਰ ਪੁਰਸ਼ੋਤਮ ਲਾਲ ਅਤੇ ਦਿਲਬਾਗ ਸਹੋਤਾ (ਦੋਵੇਂ ਪੰਚਾਇਤ ਸੰਮਤੀ ਜਲੰਧਰ ਪੱਛਮੀ) ਅਤੇ ਪੰਚਾਇਤ ਸਕੱਤਰ ਪਰਵਿੰਦਰ ਸਿੰਘ (ਪੰਚਾਇਤ ਸੰਮਤੀ ਫਿਲੌਰ) ਸ਼ਾਮਲ ਹਨ। ਵਿਭਾਗ ਨੇ ਨਿਰਦੇਸ਼ ਦਿੱਤੇ ਹਨ ਕਿ ਮੁਅੱਤਲੀ ਦੀ ਮਿਆਦ ਦੌਰਾਨ ਇਨ੍ਹਾਂ ਅਧਿਕਾਰੀਆਂ ਦਾ ਹੈੱਡਕੁਆਰਟਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਫ਼ਤਰ ਜਲੰਧਰ ਹੋਵੇਗਾ।
ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦੇ ਹੋਏ ਦੱਸਆ ਕਿ ਪੰਚਾਇਤ ਪੱਧਰ ’ਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਵਿਚ ਕੋਈ ਕੋਤਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਹਰੇਕ ਪਿੰਡ ਵਿਚ ਪਾਰਦਰਸ਼ੀ, ਜਵਾਬਦੇਹ ਅਤੇ ਜਨ-ਕਲਿਆਣਕਾਰੀ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ।