ਮੋਗਾ -ਗਲਤ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮਹਿਣਾ ਪੁਲਸ ਨੇ ਲੁੱਟਖੋਹ ਦੀ ਯੋਜਨਾ ਬਣਾ ਰਹੇ ਇਕ ਨਾਬਾਲਗ ਸਮੇਤ 3 ਨੌਜਵਾਨਾਂ ਨੂੰ ਇਕ ਦੇਸੀ ਕੱਟਾ 315 ਬੋਰ ਅਤੇ 3 ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਡੀ. ਐੱਸ. ਪੀ. ਧਰਮਕੋਟ ਰਮਨਦੀਪ ਸਿੰਘ ਦੀ ਅਗਵਾਈ ਵਿਚ ਜਦ ਥਾਣਾ ਮਹਿਣ ਦੇ ਮੁਖੀ ਭਲਵਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਮਹਿਣ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਬਲਜੀਤ ਸਿੰਘ ਉਰਫ਼ ਟੋਕਾ, ਵੀਰੂ ਨਿਵਾਸੀ ਅਜੀਤਵਾਲ ਅਤੇ ਇਕ ਨਾਬਾਲਗ ਨੌਜਵਾਨ ਸਾਥੀ ਸਕੂਲ ਦੀ ਬੈਕਸਾਈਡ ਵਿਚ ਰੇਲਵੇ ਲਾਈਨਾਂ ਕੋਲ ਮੋਟਰਸਾਈਕਲ ਲੈ ਕੇ ਖੜ੍ਹੇ ਹਨ ਅਤੇ ਕਿਸੇ ਦੀ ਉਡੀਕ ਕਰ ਰਹੇ ਹਨ, ਜਿਨ੍ਹਾਂ ਕੋਲ ਨਾਜਾਇਜ਼ ਅਸਲਾ ਵੀ ਹੈ।
ਪੁਲਸ ਨੇ ਛਾਪੇਮਾਰੀ ਕਰਕੇ ਤਿੰਨੋਂ ਨੌਜਵਾਨਾਂ ਨੂੰ ਜਾ ਦਬੋਚਿਆ ਅਤੇ ਉਨ੍ਹਾਂ ਕੋਲੋਂ ਇਕ ਦੇਸੀ ਕੱਟਾ 315 ਬੋਰ ਸਮੇਤ ਤਿੰਨ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕੀਤਾ, ਜਿਨ੍ਹਾਂ ਖ਼ਿਲਾਫ਼ ਥਾਣਾ ਮਹਿਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਤਿੰਨੋਂ ਨੌਜਵਾਨਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ। ਮਾਣਯੋਗ ਅਦਾਲਤ ਵੱਲੋਂ 2 ਨੌਜਵਾਨਾਂ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਜਦਕਿ ਨਾਬਾਲਗ ਨੌਜਵਾਨ ਨੂੰ ਯੂਵਨਾਈਲ ਹਿਰਾਸਤ ਵਿਚ ਭੇਜਣ ਦਾ ਆਦੇਸ਼ ਦਿੱਤੇ ਜਾਣ ਦਾ ਪਤਾ ਲੱਗਾ ਹੈ। ਥਾਣਾ ਮੁਖੀ ਭਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕਥਿਤ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿਹੜੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਅਤੇ ਅਸਲਾ ਕਿਥੋਂ ਲੈ ਕੇ ਆਏ? ਜਲਦੀ ਹੀ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।