ਜਲੰਧਰ – ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਦੇ ਦੋਸ਼ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪੀ. ਐੱਸ. ਓ. ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਹ ਰੈਕੇਟ ਸੂਬੇ ਵਿੱਚ ਸਰਗਰਮ ਸੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਲਈ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਚਾਰ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਹੈਬੋਵਾਲ, ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ, ਗੁਰਭੇਜ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਗੁਦਾਰਾ, ਥਾਣਾ ਬਾਜਾਖਾਨਾ, ਫਿਰੋਜ਼ਪੁਰ ਸਤਿੰਦਰ ਸਿੰਘ (ਉਰਫ਼ ਕਾਲਾ) ਹਰਦੇਵ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਪਲਾਹੀ, ਪੀ. ਐੱਸ. ਮੇਹਟੀਆਣਾ, ਹੁਸ਼ਿਆਰਪੁਰ ਅਤੇ ਭਰਤ (ਉਰਫ਼ ਭਾਊ) ਪੁੱਤਰ ਮੁਖਤਿਆਰ ਵਾਸੀ ਵਾਰਡ ਨੰਬਰ ਬਰਾਰ ਮੁਹੱਲਾ ਪੱਟੀ, ਤਰਨਤਾਰਨ ਵਜੋਂ ਹੋਈ ਹੈ।
ਸਵਪਨ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਹਥਿਆਰ, ਗੋਲਾ ਬਾਰੂਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿਚਕਾਰ ਫੋਨ ਕਾਲਾਂ ਅਤੇ ਸੁਨੇਹੇ ਤੋ ਇਹ ਸਬੂਤ ਮਿਲੇ ਹਨ ਕਿ ਉਹ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।