ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਅਗਵਾਈ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਇਸ ਵਿਚਾਲੇ ਸੀਆਈਈ ਅੰਮ੍ਰਿਤਸਰ ਦੀ ਟੀਮ ਨੇ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਪਾਸੋਂ 5 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ।
ਜਾਣਕਾਰੀ ਮੁਤਾਬਕ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਡ੍ਰੌਨ ਰਾਹੀ ਨਸ਼ੇ ਦੀ ਤਸਕਰੀ ਕੀਤੀ ਜਾ ਰਹੀ ਹੈ। ਇਸ ਵਿਚਾਲੇ ਸ਼ੱਕੀ ਵਿਅਕਤੀ ਹੈਰੋਇਨ ਨੂੰ ਸਕੂਟਰ ’ਚ ਲੁਕੋ ਕੇ ਬਾਰਡਰ ਤੋਂ ਲੈ ਕੇ ਆ ਰਹੇ ਸੀ। ਫਿਲਹਾਲ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਵੱਲੋਂ ਸ਼ੱਕੀਆਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।