ਨਵੀਂ ਦਿੱਲੀ : ਪੰਜਾਬ ਵਿਚ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਨੂੰ 2 ਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ, ਜਿਸ ਨਾਲ ਚਾਰੇ ਪਾਸੇ ਸਨਸਨੀ ਫੈਲ ਗਈ। ਇਸ ਦੌਰਾਨ ਕਈ ਸਕੂਲਾਂ-ਕਾਲਜਾਂ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਨਾਲ ਬੱਚੇ ਅਤੇ ਉਹਨਾਂ ਦੇ ਮਾਪੇ ਬਹੁਤ ਡਰੇ ਹੋਏ ਹਨ। ਤਾਜ਼ਾ ਮਾਮਲਾ ਦਿੱਲੀ ਤੋਂ ਸਾਹਮਣੇ ਆਇਆ ਹੈ, ਜਿਥੇ ਅੱਜ ਤੀਸਰੇ ਦਿਨ ਪੰਜ ਨਿੱਜੀ ਸਕੂਲਾਂ ਵਿੱਚ ਬੰਬ ਰੱਖੇ ਜਾਣ ਦੀ ਧਮਕੀ ਮਿਲੀ ਹੈ। ਧਮਕੀ ਦੀ ਈ-ਮੇਲ ਦਾ ਪਤਾ ਲੱਗਣ ਤੋਂ ਬਾਅਦ ਸਕੂਲ ਵਿਚ ਦਹਿਸ਼ਤ ਫੈਲ ਗਈ ਅਤੇ ਅਧਿਕਾਰੀਆਂ ਨੇ ਤੁਰੰਤ ਜਾਂਚ ਲਈ ਕੰਪਲੈਕਸ ਖਾਲੀ ਕਰਵਾ ਲਏ।
ਇਸ ਧਮਕੀ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਹ ਲਗਾਤਾਰ ਤੀਜਾ ਦਿਨ ਹੈ, ਜਦੋਂ ਰਾਸ਼ਟਰੀ ਰਾਜਧਾਨੀ ਵਿੱਚ ਵਿਦਿਅਕ ਸੰਸਥਾਵਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਇਸ ਦੌਰਾਨ ਸਕੂਲ ਦੇ ਬਾਰੇ ਵਿਦਿਆਰਥੀਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪਿਛਲੇ ਦੋ ਦਿਨਾਂ ਵਿੱਚ ਕੁਝ ਸਕੂਲਾਂ ਵਿੱਚ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਜਾਂਚ ਵਿੱਚ ਝੂਠੀਆਂ ਸਾਬਤ ਹੋਈਆਂ ਹਨ। ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦਵਾਰਕਾ ਦੇ ਸੇਂਟ ਥਾਮਸ ਸਕੂਲ ਵਿੱਚ ਬੰਬ ਦੀ ਧਮਕੀ ਵਾਲਾ ਈਮੇਲ ਮਿਲਣ ਤੋਂ ਬਾਅਦ, ਫਾਇਰ ਵਿਭਾਗ ਨੂੰ ਸਵੇਰੇ 5.26 ਵਜੇ ਇਸ ਬਾਰੇ ਸੂਚਿਤ ਕੀਤਾ ਗਿਆ।