ਲੁਧਿਆਣਾ: ਪੁਲਸ ਕਮਿਸ਼ਨਰੇਟ ਲੁਧਿਆਣਾ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਾਡੋਵਾਲ ਥਾਣੇ ਅਧੀਨ ਪੈਂਦੇ ਪਿੰਡ ਤਲਵੰਡੀ ’ਚ ਆਪ੍ਰੇਸ਼ਨ ਕਾਸੋ ਚਲਾ ਕੇ ਸ਼ੁੱਕਰਵਾਰ ਸਵੇਰੇ 5 ਨਸ਼ਾ ਸਮੱਗਲਰ ਗ੍ਰਿਫਤਾਰ ਕੀਤੇ ਗਏ।
ਇਸ ਸਬੰਧੀ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਪੁਲਸ ਕੋਲ ਉਪਲੱਬਧ ਜਾਣਕਾਰੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਇਸ ਕਾਰਵਾਈ ਲਈ 8 ਲੋਕਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਸੀ, ਜਿਨ੍ਹਾਂ ’ਚੋਂ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ 150 ਗ੍ਰਾਮ ਅਤੇ 170 ਗ੍ਰਾਮ ਹੈਰੋਇਨ ਵੱਖਰੇ ਤੌਰ ’ਤੇ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਵਿਰੁੱਧ ਪਹਿਲਾਂ ਹੀ 18 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਜੇਲ ਤੋਂ ਜ਼ਮਾਨਤ ’ਤੇ ਬਾਹਰ ਹਨ। ਇਸ ਮੌਕੇ ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਪਾਲ ਸਿੰਘ, ਏ. ਸੀ. ਪੀ. ਹਰਸ਼ਪ੍ਰੀਤ ਸਿੰਘ ਅਤੇ ਏ. ਡੀ. ਸੀ. ਪੀ. ਕੰਵਲਪ੍ਰੀਤ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ।