ਨਵੀਂ ਦਿੱਲੀ : ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਵਿਰੋਧੀ ਧਿਰ ਵੱਲੋਂ ਅੱਜ ਵੀ ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ਜਾਰੀ ਰਿਹਾ ਹੈ। ਪਿਛਲੇ ਚਾਰ ਦਿਨਾਂ ਤੋਂ ਚੱਲ ਰਹੀ ਲੋਕ ਸਭਾ ਦੀ ਕਾਰਵਾਈ ਹੰਗਾਮੇ ਨਾਲ ਪ੍ਰਭਾਵਿਤ ਰਹੀ ਹੈ। ਬਿਹਾਰ ਵਿੱਚ ਵੋਟਰ ਸੂਚੀ ਦੇ ਐਸਆਈਆਰ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰ ਅੱਜ ਵੀ ਹੰਗਾਮਾ ਕਰ ਰਹੇ ਹਨ। ਉਹ ਸੰਸਦ ਵਿਚ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਸ ਸਬੰਧ ਵਿਚ ਸਪੀਕਰ ਓਮ ਬਿਰਲਾ ਨੇ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ।
ਦੂਜੇ ਪਾਸੇ ਜਦੋਂ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਮੁੜ ਸ਼ੁਰੂ ਹੋਈ ਤਾਂ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪ੍ਰਸ਼ਨ ਕਾਲ ਦੌਰਾਨ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ। ਹੰਗਾਮੇ ਕਾਰਨ ਸ਼ਿਵਰਾਜ ਵਿਕਸਤ ਖੇਤੀਬਾੜੀ ਸੰਕਲਪ ਮੁਹਿੰਮ ਨਾਲ ਸਬੰਧਤ ਸਵਾਲ ਦਾ ਆਪਣਾ ਜਵਾਬ ਵੀ ਪੂਰਾ ਨਹੀਂ ਕਰ ਸਕੇ। ਸਭਾਪਤੀ ਘਣਸ਼ਿਆਮ ਤਿਵਾੜੀ ਨੇ ਸਦਨ ਦੀ ਕਾਰਵਾਈ ਸੋਮਵਾਰ, 28 ਜੁਲਾਈ ਨੂੰ ਸਵੇਰੇ 11 ਵਜੇ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ।