ਸੂਬੇ ’ਚ ਵੱਗ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਹਰ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆ ਵਿਰੁੱਧ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ। ਇਸੇ ਪਹਿਲ ’ਤੇ ਅੱਗੇ ਕਦਮ ਵਧਾਉਂਦੇ ਹੋਏ ਫਿਰੋਜ਼ਪੁਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਦਰਅਸਲ ਫਿਰੋਜ਼ਪੁਰ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿੰਨ੍ਹਾਂ ਕੋਲੋਂ ਵੱਡੀ ਮਾਤਰਾ ’ਚ ਨਸ਼ੇ ਦੀ ਖੇਪ ਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆਂ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਮਹਿਲਾ ਸਣੇ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਸ਼ੱਕੀਆਂ ਕੋਲੋਂ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਫੜੇ ਗਏ ਸ਼ੱਕੀਆਂ ਦੀ ਪਹਿਚਾਣ ਸਿਮਰਨ ਕੌਰ ਉਰਫ਼ ਇੰਦੂ (38) ਵਾਸੀ ਮੋਗਾ ਅਤੇ ਗੁਰਜੋਤ ਸਿੰਘ (28) ਵਾਸੀ ਜੈਮਲ ਵਾਲਾ ਮੋਗਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਵਿਰੁੱਧ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਸਿਮਰਨ ਵਿਰੁੱਧ ਐਨਡੀਪੀਐਸ ਐਕਟ, ਜੇਲ੍ਹ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 15 ਅਪਰਾਧਕ ਮਾਮਲੇ ਦਰਜ ਹਨ।
ਅੱਗੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੂੰ ਭਰੋਸੇਯੋਗ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਿਮਰਨ ਅਤੇ ਗੁਰਜੋਤ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ਿਆਂ ਦੀ ਵੱਡੀ ਖੇਪ ਹਾਸਿਲ ਕੀਤੀ ਗਈ ਹੈ। ਸ਼ੱਕੀਆਂ ਵੱਲੋਂ ਨਸ਼ਿਆ ਦੀ ਖੇਪ ਨੂੰ ਅੱਗੇ ਡਿਲੀਵਰੀ ਲਈ ਟੋਇਟਾ ਇਨੋਵਾ ਕਾਰ (DL 12CC 6003) ’ਚ ਲਿਜਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਵਿਭਾਗ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ.ਏ. ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਪੁਰਾਣੀ ਮੁੱਦਕੀ ਰੋਡ ‘ਤੇ ਨਾਕਾ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਨਾਲ ਹੀ ਨਸ਼ੇ ਦੀ ਖੇਪ, ਡਰੱਗ ਮਨੀ ਅਤੇ ਵਾਹਨ ਵੀ ਜ਼ਬਤ ਕਰ ਲਿਆ।
ਫਿਲਹਾਲ ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਅਧੀਨ ਥਾਣਾ ਘੱਲ ਖੁਰਦ ਫਿਰੋਜ਼ਪੁਰ ’ਚ ਐਫ.ਆਈ.ਆਰ. ਨੰ. 59 ਮਿਤੀ 7-8-2024 ਦਰਜ ਕੀਤੀ ਗਈ ਹੈ। ਫਿਲਹਾਲ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।