ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇੱਕ ਵਿਸ਼ੇਸ਼ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਿੱਖ ਕੌਮ ਦੇ ਮੌਜੂਦਾ ਹਾਲਾਤਾਂ ਅਤੇ ਪ੍ਰਬੰਧਕੀ ਮਸਲਿਆਂ ਨੂੰ ਲੈ ਕੇ ਕਈ ਵੱਡੇ ਅਤੇ ਸਖ਼ਤ ਫੈਸਲੇ ਲਏ ਗਏ ਹਨ।
ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ
ਅੰਤ੍ਰਿੰਗ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਛੁੱਟੀ ਦੌਰਾਨ ਪ੍ਰੈਸ ਕਾਨਫਰੰਸ ਕਰਕੇ ਸੰਸਥਾ ‘ਤੇ ਲਗਾਏ ਗਏ ਇਲਜ਼ਾਮਾਂ ਦਾ ਗੰਭੀਰ ਨੋਟਿਸ ਲਿਆ ਹੈ। ਕਮੇਟੀ ਨੇ ਉਨ੍ਹਾਂ ਨੂੰ 72 ਘੰਟਿਆਂ ਦਾ ਨੋਟਿਸ ਜਾਰੀ ਕਰਦਿਆਂ ਇਨ੍ਹਾਂ ਇਲਜ਼ਾਮਾਂ ਦੇ ਲਿਖਤੀ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਧਾਮੀ ਅਨੁਸਾਰ ਜੇਕਰ ਨਿਸ਼ਚਿਤ ਸਮੇਂ ਵਿੱਚ ਸਬੂਤ ਪੇਸ਼ ਨਹੀਂ ਕੀਤੇ ਜਾਂਦੇ ਤਾਂ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ‘ਚ ਇਹ ਵੀ ਚਰਚਾ ਹੋਈ ਕਿ ਗਿਆਨੀ ਰਘਬੀਰ ਸਿੰਘ ਨੇ ਪਿਛਲੇ ਸਮੇਂ ਦੌਰਾਨ ਆਪਣੀਆਂ ਅਹਿਮ ਧਾਰਮਿਕ ਡਿਊਟੀਆਂ ਤੋਂ ਵੀ ਅਸਮਰੱਥਾ ਦਿਖਾਈ ਸੀ।
ਗਿਆਨੀ ਹਰਪ੍ਰੀਤ ਸਿੰਘ ਨੂੰ ਚਿਤਾਵਨੀ
ਸਾਬਕਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰਦੁਆਰਾ ਭੱਠਾ ਸਾਹਿਬ ਅਤੇ ਅੰਬ ਸਾਹਿਬ ਦੀਆਂ ਜਾਇਦਾਦਾਂ ਬਾਰੇ ਕੀਤੇ ਗਏ ਦਾਅਵਿਆਂ ਨੂੰ ਅੰਤ੍ਰਿੰਗ ਕਮੇਟੀ ਨੇ ਰੱਦ ਕਰ ਦਿੱਤਾ ਹੈ। ਧਾਮੀ ਨੇ ਸਪੱਸ਼ਟ ਕੀਤਾ ਕਿ ਇਹ ਸਾਰੀਆਂ ਕਾਰਵਾਈਆਂ ਕਾਨੂੰਨ ਅਤੇ ਐਕਟ ਅਨੁਸਾਰ ਹੋਈਆਂ ਹਨ। ਕਮੇਟੀ ਨੇ ਫੈਸਲਾ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਆਪਣੇ ਗਲਤ ਬਿਆਨਾਂ ਲਈ ਜਾਂ ਤਾਂ ਮੁਆਫੀ ਮੰਗਣ ਜਾਂ ਫਿਰ ਮੈਨੇਜਰਾਂ ਵੱਲੋਂ ਉਨ੍ਹਾਂ ‘ਤੇ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ।

