ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਭਰਤੀ ਮੁਹਿੰਮ ‘ਰੋਜ਼ਗਾਰ ਮੇਲੇ’ ਤਹਿਤ ਕਰੀਬ 71,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਨੌਜਵਾਨਾਂ ਦੀ ਸਮਰੱਥਾ ਅਤੇ ਪ੍ਰਤਿਭਾ ਦਾ ਪੂਰਾ ਉਪਯੋਗ ਕਰਨਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ।
ਉਨ੍ਹਾਂ ਕਿਹਾ, ”ਰੋਜ਼ਗਾਰ ਮੇਲਿਆਂ ਰਾਹੀਂ ਅਸੀਂ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੇ ਹਾਂ। ਪਿਛਲੇ 10 ਸਾਲਾਂ ਤੋਂ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ, ਵਿਭਾਗਾਂ ਅਤੇ ਸੰਸਥਾਵਾਂ ਵਿੱਚ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਵੀ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।” ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ 10 ਲੱਖ ਦੇ ਕਰੀਬ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਅੱਜ ਭਾਰਤ ਦਾ ਨੌਜਵਾਨ ਨਵੇਂ ਆਤਮਵਿਸ਼ਵਾਸ ਨਾਲ ਭਰਿਆ ਹੋਇਆ ਹੈ। ਇਹ ਹਰ ਖੇਤਰ ਵਿੱਚ ਆਪਣਾ ਝੰਡਾ ਲਹਿਰਾ ਰਿਹਾ ਹੈ।”