ਚੰਡੀਗੜ੍ਹ, 17 ਮਈ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹੁਸ਼ਿਆਰਪੁਰ ‘ਚ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ‘ਆਪ’ ‘ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਅਤੇ ਭੁਲੱਥ ਹਲਕੇ ਦੇ ਇੰਚਾਰਜ ਹਰਸਿਮਰਨ ਵੀ ਮੌਜੂਦ ਸਨ।
ਗੁਰਮੀਤ ਸਿੰਘ ਥਾਪਰ ਅਕਾਲੀ ਦਲ ਦੇ ਐਸਸੀ ਵਿੰਗ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ, ਹੁਸ਼ਿਆਰਪੁਰ ਦੇ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਹੈ। ਉਨ੍ਹਾਂ ਦਾ ਸ਼ਾਮਲ ਹੋਣਾ ਨਿਸ਼ਚਤ ਤੌਰ ‘ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਅਤੇ ਡਾ. ਚੱਬੇਵਾਲ ਲਈ ਵੱਡਾ ਹੁਲਾਰਾ ਹੈ।
ਇਹ ਝਟਕਾ ਪੰਜਾਬ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ ਅਕਾਲੀ ਦਲ ਨੂੰ ਹੋਰ ਕਮਜ਼ੋਰ ਕਰੇਗਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਆਗੂਆਂ ਅਤੇ ਲੋਕਾਂ ਦਾ ਅਕਾਲੀ ਦਲ ‘ਤੇ ਹੁਣ ਕੋਈ ਭਰੋਸਾ ਨਹੀਂ ਰਿਹਾ ਹੈ, ਕਿਉਂਕਿ ਬਾਦਲ ਦਲ ਸੁਆਰਥੀ ਅਤੇ ਭ੍ਰਿਸ਼ਟ ਲੋਕਾਂ ਨਾਲ ਭਰਿਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੱਖੀ ਅਤੇ ਲੋਕਾਂ ਦੀ ਸੇਵਾ ਕਰਨ ਵਾਲੇ ਲੋਕਾਂ ਲਈ ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।