ਫਿਰੋਜ਼ਪੁਰ : ਐੱਸ. ਐੱਸ. ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਸ ਜ਼ਿਲ੍ਹੇ ਭਰ ’ਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ’ਚ ਪੁਲਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਹੈ ਅਤੇ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਪੁਲਸ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ’ਚ ਪੁਲਸ ਵੱਲੋਂ ਲਗਾਤਾਰ ਗਸ਼ਤ, ਪੈਟਰੋਲਿੰਗ ਅਤੇ ਚੈਕਿੰਗ ਜਾਰੀ ਰੱਖਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਸਮੱਗਲਰਾਂ ਦੇ ਘਰਾਂ ’ਤੇ ਛਾਪੇਮਾਰੀ ਕਰਦੇ ਹੋਏ ਚੈਕਿੰਗ ਕੀਤੀ ਜਾ ਰਹੀ ਹੈ।