ਫਿਰੋਜ਼ਪੁਰ/ਜ਼ੀਰਾ) : ਫਿਰੋਜ਼ਪੁਰ ਦੇ ਪਿੰਡ ਪੱਧਰੀ ‘ਚ 70 ਸਾਲਾ ਬਜ਼ੁਰਗ ਗੁਰਦਿਆਲ ਸਿੰਘ ਨੇ ਬੋਲੇ ਗਏ ਅਪਸ਼ਬਦਾਂ ਤੋਂ ਦੁਖ਼ੀ ਹੋ ਕੇ ਜ਼ਹਿਰੀਲੀ ਦਵਾਈ ਪੀ ਲਈ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਉਸਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਸ਼ਿਕਾਇਤਕਰਤਾ ਕਸ਼ਮੀਰ ਕੌਰ ਪਤਨੀ ਗੁਰਦਿਆਲ ਸਿੰਘ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਥਾਣਾ ਮੱਖੂ ਦੀ ਪੁਲਸ ਵੱਲੋਂ ਬੋਹੜ ਸਿੰਘ, ਸੁਰਿੰਦਰ ਪਾਲ ਸਿੰਘ, ਜਗਜੀਤ ਕੌਰ ਅਤੇ ਗੁਰਪ੍ਰੀਤ ਕੌਰ ਪਤਨੀ ਸੁਰਿੰਦਰ ਪਾਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਝਿਰਮਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਦੱਸਿਆ ਹੈ ਕਿ ਜਦੋਂ ਨਾਮਜ਼ਦ ਵਿਅਕਤੀ ਉਸਦੀ ਜ਼ਮੀਨ ’ਤੇ ਚਾਰਦੀਵਾਰੀ ਕਰ ਰਹੇ ਸਨ ਤਾਂ ਸ਼ਿਕਾਇਤਕਰਤਾ ਦੇ ਪਤੀ ਗੁਰਦਿਆਲ ਸਿੰਘ ਨੇ ਉਨ੍ਹਾਂ ਨੂੰ ਪੁੱਛਿਆ ਕਿ ਤੁਸੀਂ ਸਾਡੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਿਉਂ ਕਰ ਰਹੇ ਹੋ? ਤਾਂ ਨਾਮਜ਼ਦ ਵਿਅਕਤੀਆਂ ਨੇ ਗੁਰਦਿਆਲ ਸਿੰਘ ਨੂੰ ਅਪਸ਼ਬਦ ਬੋਲੇ। ਉਨ੍ਹਾਂ ਦੱਸਿਆ ਕਿ ਗੁਰਦਿਆਲ ਸਿੰਘ ਨੇ ਉਨ੍ਹਾਂ ਵੱਲੋਂ ਕਹੇ ਗਏ ਅਪਸ਼ਬਦਾਂ ਤੋਂ ਦੁਖ਼ੀ ਹੋ ਕੇ ਜ਼ਹਿਰੀਲੀ ਦਵਾਈ ਪੀ ਲਈ ਅਤੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਨਾਮਜ਼ਦ ਲੋਕਾਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।