ਲੁਧਿਆਣਾ : ਆਮ ਆਦਮੀ ਪਾਰਟੀ ਦੇ ਕੌਂਸਲਰ ਪ੍ਰਿੰਸੀਪਲ ਇੰਦਰਜੀਤ ਕੌਰ ਲੁਧਿਆਣਾ ਦੇ ਨਵੇਂ ਮੇਅਰ ਹੋਣਗੇ। ਇਸ ਦੇ ਨਾਲ ਹੀ ਉਹ ਲੁਧਿਆਣਾ ਦੇ ਮੇਅਰ ਬਣਨ ਵਾਲੀ ਪਹਿਲੀ ਔਰਤ ਵੀ ਬਣ ਗਏ ਹਨ। ਇਸ ਦੇ ਨਾਲ ਹੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਭਰ ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ।
ਚੋਣ ਨਤੀਜਿਆਂ ਵਿਚ ਬਹੁਮਤ ਤੋਂ ਥੋੜ੍ਹਾ ਪਿੱਛੇ ਰਹਿਣ ਵਾਲੀ ਆਮ ਆਦਮੀ ਪਾਰਟੀ ਵੱਲੋਂ ਦੂਜੀਆਂ ਪਾਰਟੀਆਂ ਦੇ ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕਰ ਕੇ ਨਗਰ ਨਿਗਮ ਲੁਧਿਆਣਾ ‘ਚ ਆਪਣਾ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਬਣਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲੁਧਿਆਣਾ ਦੇ ਮੇਅਰ ਦੀ ਕੁਰਸੀ ਨੂੰ ਮਹਿਲਾ ਆਗੂ ਲਈ ਰਾਖਵਾਂ ਕਰ ਦਿੱਤਾ ਗਿਆ ਸੀ ਤੇ ਹੁਣ ਇੰਦਰਜੀਤ ਕੌਰ ਨੂੰ ਮੇਅਰ ਐਲਾਨ ਦਿੱਤਾ ਗਿਆ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਲੁਧਿਆਣਾ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਲੁਧਿਆਣਾ ਦੇ ਇਤਿਹਾਸ ਵਿਚ ਬੜਾ ਅਹਿਮ ਮੰਨਿਆ ਜਾਵੇਗਾ ਕਿਉਂਕਿ ਪਹਿਲੀ ਵਾਰ ਇਕ ਮਹਿਲਾ ਮੇਅਰ ਦੀ ਕੁਰਸੀ ‘ਤੇ ਬੈਠੇਗੀ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਇੰਦਰਜੀਤ ਕੌਰ ਬਹੁਤ ਪੜ੍ਹੇ ਲਿਖੇ ਹਨ। ਉਨ੍ਹਾਂ ਕਿਹਾ ਕਿ ਸਮੂਹ ਕੌਂਸਲਰਾਂ, ਵਿਧਾਇਕਾਂ ਤੋਂ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਜੀ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਇਨ੍ਹਾਂ ਤਿੰਨਾਂ ਆਗੂਆਂ ਦੇ ਨਾਂ ਐਲਾਨੇ ਗਏ ਹਨ ਤੇ ਇਨ੍ਹਾਂ ਨੂੰ ਬਿਨਾ ਵਿਰੋਧ ਦੇ ਚੁਣ ਲਿਆ ਗਿਆ ਹੈ।