Friday, January 24, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੁਲਿਸ ਬੁਨਿਆਦੀ ਢਾਂਚੇ  ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਖਰਚੇ ਜਾਣਗੇ 426...

ਪੁਲਿਸ ਬੁਨਿਆਦੀ ਢਾਂਚੇ  ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਖਰਚੇ ਜਾਣਗੇ 426 ਕਰੋੜ ਰੁਪਏ: ਡੀਜੀਪੀ ਪੰਜਾਬ ਗੌਰਵ ਯਾਦਵ


ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 23 ਜਨਵਰੀ:
ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲਿਸ ਇਮਾਰਤਾਂ, ਖਾਸ ਕਰਕੇ ਪੁਲਿਸ ਥਾਣਿਆਂ ਅਤੇ ਪੁਲਿਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ਲਈ 426 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ  ਸਹਿਮਤੀ ਮਿਲ ਜਾਣ ਨਾਲ ਪੰਜਾਬ ਪੁਲਿਸ ਨੂੰ ਆਪਣਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੱਡਾ ਹੁਲਾਰਾ ਮਿਲਿਆ ਹੈ। ਇਹ ਜਾਣਾਕਰੀ ਵੀਰਵਾਰ ਨੂੰ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ  ਦਿੱਤੀ।

ਉਨ੍ਹਾਂ ਕਿਹਾ ,‘‘ 426 ਕਰੋੜ ਰੁਪਏ ਦੇ ਫੰਡ ਦੀ ਵਰਤੋਂ ਸੂਬੇ ਭਰ ਵਿੱਚ ਪੁਲਿਸ ਇਮਾਰਤਾਂ, ਖਾਸ ਕਰਕੇ ਪੁਲਿਸ ਥਾਣਿਆਂ ਅਤੇ ਪੁਲਿਸ ਲਾਈਨਾਂ ਅਤੇ ਹੋਰ ਪੁਲਿਸ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਕੀਤੀ ਜਾਵੇਗੀ।’’ ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਪੁਲਿਸ ਫੋਰਸ ਦੀ ਕਾਰਜ- ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਵਿੱਚ ਵਾਧਾ ਹੋਵੇਗਾ। .

ਗੌਰਤਲਬ ਹੈ ਕਿ ਡੀਜੀਪੀ ਪੰਜਾਬ, ਗਣਤੰਤਰ ਦਿਵਸ ਦੇ ਮੱਦੇਨਜ਼ਰ ਫਿਰੋਜ਼ਪੁਰ, ਬਠਿੰਡਾ ਅਤੇ ਪਟਿਆਲਾ ਪੁਲਿਸ ਰੇਂਜਾਂ ਵਿਖੇ ਕਾਨੂੰਨ ਵਿਵਸਥਾ ਦੀ ਸਮੀਖਿਆ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਹਿੱਤ ਮੀਟਿੰਗਾਂ ਕਰਨ ਲਈ ਇੱਕ ਤੂਫਾਨੀ ਦੌਰੇ ’ਤੇ ਸਨ।

ਆਪਣੇ ਇਸ ਦੌਰੇ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਬਠਿੰਡਾ ਵਿੱਚ ਇੱਕ ਮੁੜ-ਉਸਾਰੇ ਕਾਨਫਰੰਸ ਹਾਲ ਦਾ ਉਦਘਾਟਨ ਕੀਤਾ ਅਤੇ ਪਟਿਆਲਾ ਵਿੱਚ ਪੁਲਿਸ ਕੰਟਰੋਲ ਰੂਮ (ਪੀਸੀਆਰ) ਲਈ 20 ਮੋਟਰਸਾਈਕਲਾਂ ਨੂੰ ਸਮਰਪਿਤ ਕਰਨ ਤੋਂ ਇਲਾਵਾ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ, ਜੋ ਕਿ ਪੁਲਿਸ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ  ਚੱਲ ਰਹੇ ਯਤਨਾਂ ਦਾ ਅਹਿਮ ਹਿੱਸਾ ਹੈ। ਇਹ ਮੋਟਰਸਾਇਕਲ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਫੰਡਿੰਗ ਰਾਹੀਂ ਪਟਿਆਲਾ ਪੀਸੀਆਰ  ਵਿੱਚ ਸ਼ਾਮਲ ਕੀਤੇ ਗਏ ਹਨ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਆਗਾਮੀ ਗਣਤੰਤਰ ਦਿਵਸ-2025 ਦੇ ਸੁਰੱਖਿਅਤ ਅਤੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੁਰੱਖਿਆ ਵਿੱਚ ਸਖ਼ਤੀ ਵਧਾਉਣ, ਗਸ਼ਤ ਤੇਜ਼ੀ ਲਿਆਉਣ ਅਤੇ ਰਾਤ ਸਮੇਂ ਨਾਈਟ ਡੌਮਸੀਨੇਸ਼ਨ ਆਪ੍ਰੇਸ਼ਨਾਂ  ਨੂੰ ਹੋਰ ਮੁਸਤੈਦੀ ਨਾਲ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

ਵੱਖ-ਵੱਖ ਰੇਂਜਾਂ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦੇ ਹੋਏ, ਡੀਜੀਪੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸੁਰੱਖਿਆ ਅਲਰਟ ਅਤੇ ਵੇਰਵੇ ਸਾਂਝੇ ਕੀਤੇ।

ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਜਨਤਕ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੰਵੇਦਨਸ਼ੀਲ ਖੇਤਰਾਂ ’ਚ ਨਿਗਰਾਨੀ ਅਤੇ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ  ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਦੀ ਗਿਣਤੀ ਵਧਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

ਖੇਡਾਂ ਵਿੱਚ ਪਾਏ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ‘ਯੂਥ ਕਨੈਕਟ’ ਪ੍ਰੋਗਰਾਮ ਦੇ ਹਿੱਸੇ ਵਜੋਂ, ਜ਼ਿਲ੍ਹਾ ਸੰਗਰੂਰ ਵਿੱਚ ਨੌਜਵਾਨ ਐਥਲੀਟਾਂ ਨੂੰ ਸਿਖਲਾਈ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ 6 ਕੋਚਾਂ ਨੂੰ ਤਰੱਕੀ ਦਿੱਤੀ। ਇਸ ਪਹਿਲ ਦਾ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ  ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਸ਼ੈਲੀ ਵੱਲ ਪੇ੍ਰਰਿਆ ਜਾ ਸਕੇ। ਇਸ ਪ੍ਰੋਗਰਾਮ ਨੇ ਸਾਧਾਰਨ ਪਰਿਵਾਰਾਂ ਦੇ ਘੱਟੋ-ਘੱਟ 78 ਬੱਚਿਆਂ ਨੂੰ ਖੇਡਾਂ ਵਿੱਚ ਆਪਣੀਆਂ ਪ੍ਰਾਪਤੀਆਂ ਦੇ ਆਧਾਰ ’ਤੇ ਨੌਕਰੀਆਂ ਪ੍ਰਾਪਤ ਕਰਨ ਵਿੱਚ ਮਦਦ ਕੀਤੀ ਹੈ।

ਇਸ ਦੌਰਾਨ ਡੀਜੀਪੀ ਵੱਲੋਂ ਆਪਣੀ ਡਿਊਟੀ ਪੂਰੇ ਜੋਸ਼, ਲਗਨ ਅਤੇ ਸਮਰਪਣ ਨਾਲ ਨਿਭਾਉਣ ਵਾਲੇ ਪਟਿਆਲਾ ਰੇਂਜ ਦੇ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਡੀਜੀਪੀ ਪ੍ਰਸ਼ੰਸਾ ਡਿਸਕਾਂ ਨਾਲ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਕੁੱਲ 46 ਅਧਿਕਾਰੀਆਂ ਨੂੰ  ਡੀਜੀਪੀ ਡਿਸਕਾਂ ਨਾਲ ਸਨਮਾਨਿਤ ਕੀਤਾ ਗਿਆ।

———–