ਗੁਰਦਾਸਪੁਰ- ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਸ੍ਰੀਮਤੀ ਜਸਮੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਗੁਰਦਾਸਪੁਰ ਸਥਿਤ ਦਫ਼ਤਰ ਵੱਲੋਂ ਪਹਿਲਾਂ ਵੀ ਮਿਤੀ 03 ਜਨਵਰੀ 2025 ਨੂੰ ਸਮੂਹ ਪ੍ਰੀ-ਨਰਸਰੀ ਅਤੇ ਪਲੇਅ ਵੇਅ ਸਕੂਲਾਂ ਨੂੰ ਰਜਿਸਟਰਡ ਕਰਵਾਉਣ ਲਈ ਜਾਣੂ ਕਰਵਾਇਆ ਜਾ ਚੁੱਕਾ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਆਦਾਤਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਵੱਲੋਂ ਅਪਲਾਈ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਜਸਮੀਤ ਕੌਰ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ ਨਿੱਜੀ ਸੰਸਥਾਨ, ਜੋ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਮੁੱਢਲੀ ਬਾਲ ਦੇਖ-ਭਾਲ ਅਤੇ ਸਿੱਖਿਆ (ਪਲੇਅ ਵੇਅ ਸਕੂਲ) ਦੇ ਖੇਤਰ ਵਿਚ ਕੰਮ ਕਰ ਰਹੇ ਹਨ ਜਾਂ ਕੰਮ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ। ਉਨ੍ਹਾਂ ਸਾਰੇ ਅਜਿਹੇ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਕਮਰਾ ਨੰਬਰ 218/219, ਬਲਾਕ ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਤੁਰੰਤ ਸੰਪਰਕ ਕਰਨ।