ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਤਹਿਤ ਪੱਛਮੀ ਬੰਗਾਲ ’ਚ 25 ਮਈ ਨੂੰ ਚੋਣਾਂ ਹੋਣੀਆਂ ਹਨ ਅਤੇ ਚੋਣ ਪ੍ਰਚਾਰ ਦਾ ਵੀ ਅੱਜ ਆਖਰੀ ਦਿਨ ਹੈ। ਪਰ ਇਸ ਦਰਮਿਆਨ ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲੇ ਦੇ ਨੰਦੀਗ੍ਰਾਮ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਭਾਰਤੀ ਜਨਤਾ ਪਾਰਟੀ ਦੀ ਇਕ ਮਹਿਲਾ ਵਰਕਰ ਦੇ ਕਤਲ ਤੋਂ ਬਾਅਦ ਵੀਰਵਾਰ ਨੂੰ ਪਾਰਟੀ ਵਰਕਰਾਂ ਨੇ ਭਾਰੀ ਪ੍ਰਦਰਸ਼ਨ ਕੀਤਾ। ਨੰਦੀਗ੍ਰਾਮ ਵਿੱਚ ਭਾਜਪਾ ਵਰਕਰਾਂ ਨੇ ਗੱਡੀਆਂ ਦੇ ਟਾਇਰ ਸਾੜੇ। ਸੜਕਾਂ ਜਾਮ ਕਰ ਦਿੱਤੀਆਂ ਗਈਆਂ ਅਤੇ ਦੁਕਾਨਾਂ ਦੇ ਸ਼ਟਰ ਬੰਦ ਕਰ ਦਿੱਤੇ। ਇਸ ਦੌਰਾਨ ਮਾਮਲਾ ਇੰਨਾ ਵਿਗੜ ਗਿਆ ਕਿ ਸੁਰੱਖਿਆ ਬਲਾਂ ਨੂੰ ਸਥਿਤੀ ‘ਤੇ ਕਾਬੂ ਪਾਉਣ ਲਈ ਲਾਠੀਚਾਰਜ ਕਰਨਾ ਪਿਆ।
ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੋਨਾਚੁਰਾ ਪਿੰਡ ਵਿੱਚ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਕਾਰਕੁਨਾਂ ’ਤੇ ਕਤਲ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ 38 ਸਾਲਾਂ ਭਾਜਪਾ ਵਰਕਰ ਰਥਰਾਨੀ ਐਰੀ ਦਾ ਕਤਲ ਟੀਐੱਮਸੀ ਵੱਲੋਂ ਕੀਤਾ ਗਿਆ ਹੈ। ਫਿਲਹਾਲ ਇਲਾਕੇ ‘ਚ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੇਘਨਾਦ ਪਾਲ ਨੇ ਦੱਸਿਆ ਕਿ ਏਰੀ ਅਤੇ ਕਈ ਹੋਰ ਪਾਰਟੀ ਵਰਕਰਾਂ ਨੂੰ ਬੀਤੀ ਰਾਤ ਸਥਾਨਕ ਪੋਲਿੰਗ ਬੂਥ ‘ਤੇ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ, ਪਰ ਉਨ੍ਹਾਂ ‘ਤੇ ਟੀਐਮਸੀ ਸਮਰਥਿਤ ਅਪਰਾਧੀਆਂ ਨੇ ਹਮਲਾ ਕੀਤਾ। ਐਰੀ ਮਾਰੀ ਗਈ ਅਤੇ ਹੋਰ ਜ਼ਖਮੀ ਹੋ ਗਏ। ਸੱਤ ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਮੋਟਰਸਾਈਕਲ ‘ਤੇ ਆਏ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਏਰੀ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਦੂਜੇ ਪਾਸੇ ਨੰਦੀਗ੍ਰਾਮ ਤ੍ਰਿਣਮੂਲ ਕਾਂਗਰਸ ਦੇ ਆਗੂ ਸਵਦੇਸ਼ ਦਾਸ ਨੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਮ੍ਰਿਤਕ ਔਰਤ ਦਾ ਕੁਝ ਪਰਿਵਾਰਕ ਝਗੜਾ ਸੀ ਅਤੇ ਸ਼ਾਇਦ ਇਸੇ ਕਾਰਨ ਉਸ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।