ਨਵੀਂ ਦਿੱਲੀ- ਸੁਪਰੀਮ ਕੋਰਟ ‘ਚ ਬਰਗਾੜੀ ਬੇਅਦਬੀ ਮਾਮਲੇ ਨਾਲ ਸੰਬੰਧਤ ਪਟੀਸ਼ਨ ‘ਤੇ ਅੱਜ ਯਾਨੀ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ‘ਚ ਰਾਮ ਰਹੀਮ ਨੂੰ ਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 18 ਮਾਰਚ ਨੂੰ ਹੋਵੇਗੀ। ਇਸ ਤੋਂ ਇਲਾਵਾ ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਦੇ ਦੋਸ਼ ‘ਚ ਤਿੰਨ ਮਾਮਲਿਆਂ ‘ਚ ਰਾਮ ਰਹੀਮ ਖ਼ਿਲਾਫ਼ ਹੇਠਲੀ ਅਦਾਲਤ ‘ਚ ਚੱਲ ਰਿਹਾ ਟ੍ਰਾਇਲ ਜਾਰੀ ਰਹੇਗਾ। ਜਾਣਕਾਰੀ ਅਨੁਸਾਰ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਜੱਜ ਬੀ.ਆਰ. ਗਵਈ ਅਤੇ ਕੇ. ਵਿਨੋਦ ਚੰਦਰਨ ਦੀ ਬੈਂਚ ਨੇ ਇਸ ਮਾਮਲੇ ‘ਚ ਸੁਣਵਾਈ ਕੀਤੀ।
ਦਰਅਸਲ ਪਿਛਲੇ ਸਾਲ 2024 ਮਾਰਚ ‘ਚ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ‘ਚ ਹੇਠਲੀ ਅਦਾਲਤ ‘ਚ ਚੱਲ ਰਹੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਗਈ ਸੀ। ਇਸ ਆਦੇਸ਼ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਆਦੇਸ਼ ‘ਤੇ ਰੋਕ ਲਗਾਈ ਸੀ ਅਤੇ ਰਾਮ ਰਹੀਮ ਨੂੰ ਨੋਟਿਸ ਵੀ ਜਾਰੀ ਕੀਤਾ ਸੀ। ਜਿਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਰਾਮ ਰਹੀਮ ਦੇ ਜਵਾਬ ਲਈ ਸੁਪਰੀਮ ਕੋਰਟ ਤੋਂ 3 ਹਫ਼ਤਿਆਂ ਦੇ ਸਮੇਂ ਦੀ ਮੰਗ ਕੀਤੀ ਹੈ। ਹੁਣ ਸੁਪਰੀਮ ਕੋਰਟ ‘ਚ ਇਸ ਮਾਮਲੇ ‘ਚ ਅਗਲੀ ਸੁਣਵਾਈ 18 ਮਾਰਚ ਨੂੰ ਹੋਵੇਗੀ।