ਲੁਧਿਆਣਾ : ਜੇਲ੍ਹ ਵਿਚ ਬੰਦ ਏ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਸਾਗਰ ਨਿਊਟਨ ਦੀ ਬਿਮਾਰੀ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸਾਗਰ ਸੰਗਰੂਰ ਜੇਲ੍ਹ ਵਿਚ ਬੰਦ ਸੀ। ਗੈਂਗਸਟਰ ਸਾਗਰ ਵਿਰੁੱਧ 18 ਦੇ ਕਰੀਬ ਮਾਮਲੇ ਦਰਜ ਸਨ। ਸੂਤਰਾਂ ਮੁਤਾਬਕ ਗੈਂਗਸਟਰ ਨੂੰ ਪਹਿਲਾਂ ਇਲਾਜ ਲਈ ਪਟਿਆਲਾ ਦੇ ਰਾਜਿੰਦਰ ਹਸਪਤਾਲ ਲਿਜਾਇਆ ਗਿਆ ਸੀ। ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ, ਉਸ ਨੂੰ ਪੀ. ਜੀ. ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਜਿੱਥੇ ਉਸਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਦੀ ਪੁਲਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਦਨਾਮ ਗੈਂਗਸਟਰ ਸਾਗਰ ਨਿਊਟਨ ਨੂੰ ਅਗਸਤ 2024 ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ ‘ਚ ਹੈ। ਇਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀ ਟੀਮ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਨਿਊਟਨ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਵੀ ਬਰਾਮਦ ਕੀਤੇ ਸਨ। ਪੁਲਸ ਦਾ ਆਖਣਾ ਸੀ ਕਿ ਏ ਕੈਟਾਗਿਰੀ ਦੇ ਗੈਂਗਸਟਰ ਸਾਗਰ ਨਿਊਟਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੈਂਗਸਟਰ ਉੱਤੇ 18 ਤੋਂ ਵੱਧ ਮਾਮਲੇ ਦਰਜ ਸਨ।