ਚੰਡੀਗੜ੍ਹ : ਪੰਜਾਬ ਕੈਬਨਿਟ ਨੇ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਨੂੰ ਘਰ ਮੁਹੱਈਆ ਕਰਵਾਉਣ ਦੇ ਉਪਰਾਲੇ ਵਜੋਂ ‘ਆਰਥਿਕ ਤੌਰ ‘ਤੇ ਕਮਜ਼ੋਰ ਵਰਗ (ਈ.ਵੀ.ਐੱਸ.) ਲਈ ਰਾਖਵੀਂ ਜ਼ਮੀਨ ਦੀ ਢੁਕਵੀਂ ਵਰਤੋਂ” ਬਾਰੇ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਅਨੁਸਾਰ ਵੱਖ-ਵੱਖ ਕਲੋਨੀਆਂ ਵਿਚ ਖਿੰਡੀਆਂ ਪਈਆਂ ਜ਼ਮੀਨਾਂ ਤੋਂ ਮਾਲੀਆ ਪੈਦਾ ਕੀਤਾ ਜਾਵੇਗਾ ਅਤੇ ਅਜਿਹੀ ਵਿੱਕਰੀ ਤੋਂ ਪ੍ਰਾਪਤ ਫੰਡਾਂ ਦੀ ਵਰਤੋਂ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਦੇ ਲਾਭ ਲਈ ਕੀਤੀ ਜਾਵੇਗੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਭਰ ਵਿਚ 1500 ਏਕੜ ਜ਼ਮੀਨ ਐਕੁਵਾਇਰ ਕਰਕੇ ਇਸ ਨੂੰ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ ਮਕਾਨ ਬਣਾਉਣ ਲਈ ਵਰਤਿਆ ਜਾਵੇਗਾ।
ਸੂਬੇ ਦੀਆਂ ਵਿਕਾਸ ਅਥਾਰਟੀਆਂ ਨੂੰ ਅਧਿਕਾਰਤ ਕੀਤਾ ਜਾਵੇਗਾ ਕਿ ਉਹ ਆਪਣੇ ਪੱਧਰ ‘ਤੇ ਇਨ੍ਹਾਂ ਖਿੰਡੀਆਂ ਹੋਈਆਂ ਜ਼ਮੀਨਾਂ ਲਈ ਅਜਿਹੀ ਯੋਜਨਾ ਬਣਾਉਣ ਤਾਂ ਜੋ ਉਪਭੋਗਤਾ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਇਨ੍ਹਾਂ ਥਾਵਾਂ ਦੀ ਨਿਲਾਮੀ ਕਰ ਕੇ ਵਿਭਾਗ ਲਈ ਢੁਕਵਾਂ ਮਾਲੀਆ ਪੈਦਾ ਹੋ ਸਕੇ। ਵਿਕਾਸ ਅਥਾਰਟੀਆਂ ਨੂੰ ਈ.ਵੀ.ਐੱਸ. ਲਈ ਪਲਾਟ ਜਾਂ ਘਰ ਬਣਾਉਣ ਲਈ ਜ਼ਮੀਨਾਂ ਦੇ ਵੱਖਰੇ ਹਿੱਸਿਆਂ ਦੀ ਪਛਾਣ ਕਰਨ ਅਤੇ ਉਸ ਨੂੰ ਪ੍ਰਾਪਤ ਕਰਨ ਲਈ ਵੀ ਅਧਿਕਾਰਤ ਕੀਤਾ ਜਾਵੇਗਾ ਤਾਂ ਜੋ ਸਰਕਾਰ ਵੱਲੋਂ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਸਕੇ।