ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਬੀਤੇ ਦਿਨੀਂ ਹੋਈ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਗਏ ਹਨ। ਪੰਜਾਬ ਕੈਬਨਿਟ ਦੀ ਮੀਟਿੰਗ ਦੇ ਇਕ ਹੋਰ ਫੈਸਲੇ ਵਿਚ ਮੰਤਰੀ ਮੰਡਲ ਨੇ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਵਧਾ ਦਿੱਤਾ ਹੈ। ਇਸ ਫ਼ੈਸਲੇ ਅਨੁਸਾਰ ਮੌਜੂਦਾ ਭੱਤਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਪਹਿਲਕਦਮੀ ਸੂਬੇ ਦੇ ਪੇਂਡੂ ਖੇਤਰਾਂ ਵਿਚ ਚੌਕੀਦਾਰਾਂ ਵੱਲੋਂ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿਚ ਮਦਦ ਕਰੇਗੀ।
ਮੰਤਰੀ ਮੰਡਲ ਨੇ ਥਰਮਲ ਪਾਵਰ ਪਲਾਂਟ ਬਠਿੰਡਾ ਦੀ 253 ਏਕੜ ਜ਼ਮੀਨ ਬਠਿੰਡਾ ਵਿਕਾਸ ਅਥਾਰਟੀ ਨੂੰ ਰਿਹਾਇਸ਼ੀ/ਵਪਾਰਕ ਥਾਵਾਂ, ਵਾਟਰ ਟ੍ਰੀਟਮੈਂਟ ਪਲਾਂਟ, ਬੱਸ ਸਟੈਂਡ, ਈ.ਐਸ.ਆਈ. ਹਸਪਤਾਲ ਅਤੇ ਸਕੂਲਾਂ ਲਈ ਢੁਕਵੀਂ ਵਰਤੋਂ ਕਰਨ ਅਤੇ 1235 ਏਕੜ ਜ਼ਮੀਨ ਪੀ.ਐਸ.ਪੀ.ਸੀ.ਐਲ. ਨੂੰ ਵਾਪਸ ਕਰਨ ਦਾ ਫੈਸਲਾ ਵੀ ਕੀਤਾ। ਇਸ ਤੋਂ ਇਲਾਵਾ ਥਰਮਲ ਪਲਾਂਟ ਦੀ ਲਗਭਗ 173 ਏਕੜ ਜ਼ਮੀਨ ਵਿੱਚ ਪੈਂਦੀਆਂ ਤਿੰਨ ਝੀਲਾਂ ਦਾ ਪ੍ਰਸ਼ਾਸਕੀ ਕੰਟਰੋਲ ਬਠਿੰਡਾ ਵਿਕਾਸ ਅਥਾਰਟੀ ਕੋਲ ਰਹੇਗਾ, ਜਦਕਿ ਮਾਲਕੀ ਦਾ ਹੱਕ ਪੀ.ਐੱਸ.ਪੀ.ਸੀ.ਐੱਲ. ਕੋਲ ਰਹੇਗਾ। ਇਸ ਖੇਤਰ ਨੂੰ ਬਠਿੰਡਾ ਵਿਕਾਸ ਅਥਾਰਟੀ ਵੱਲੋਂ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ, ਜੋ ਸ਼ਹਿਰ ਨੂੰ ਟੂਰਿਸਟ ਹੱਬ ਬਣਾਏਗਾ। ਇਸ ਤੋਂ ਹੋਣ ਵਾਲਾ ਮੁਨਾਫ਼ਾ ਵਿਭਾਗ ਦੀ 80:20 ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਅਤੇ ਬਠਿੰਡਾ ਵਿਕਾਸ ਅਥਾਰਟੀ ਦਰਮਿਆਨ ਵੰਡਿਆ ਜਾਵੇਗਾ।