ਚੰਡੀਗੜ੍ਹ : ਸੂਬਾ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇਕ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਤਿੰਨ ਲੱਖ ਮੁਲਾਜ਼ਮਾਂ ਅਤੇ ਤਿੰਨ ਲੱਖ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇਕ ਜਨਵਰੀ, 2016 ਤੋਂ 30 ਜੂਨ, 2022 ਤੱਕ ਦੇ ਸਮੇਂ ਦੀ ਸੋਧੀ ਹੋਈ ਤਨਖਾਹ/ਪੈਨਸ਼ਨ ਤੇ ਲੀਵ ਇਨਕੈਸ਼ਮੈਂਟ ਦਾ ਬਕਾਇਆ ਅਤੇ ਇਕ ਜੁਲਾਈ, 2021 ਤੋਂ 31 ਮਾਰਚ, 2024 ਤੱਕ ਦੇ ਡੀ.ਏ./ਡੀ.ਆਰ. ਦਾ ਬਕਾਇਆ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਕਾਏ ਲਈ 14000 ਕਰੋੜ ਦੀ ਰਾਸ਼ੀ ਪੜਾਅਵਾਰ ਜਾਰੀ ਕੀਤੀ ਜਾਵੇਗੀ ਜਿਸ ਨਾਲ ਮੁਲਾਜ਼ਮਾਂ ਅਤੇ ਪੈਨਸ਼ਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੇਗੀ।
ਮੰਤਰੀ ਮੰਡਲ ਨੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸੂਬੇ ਵਿਚ 22 ਨਵੀਆਂ ਲੋਕ ਅਦਾਲਤਾਂ ਸਥਾਪਤ ਕਰਨ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਿਚ ਨਵੀਆਂ ਅਸਾਮੀਆਂ ਸਿਰਜਣ ਲਈ ਪ੍ਰਵਾਨਗੀ ਦੇ ਦਿੱਤੀ। ਮੰਤਰੀ ਮੰਡਲ ਨੇ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਵਿਚ ਸਹਾਇਕ ਡਾਇਰੈਕਟਰ, ਸੀਨੀਅਰ ਸਹਾਇਕ ਅਤੇ ਸੇਵਾਦਾਰ ਦੀਆਂ ਤਿੰਨ ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਕਰ ਵਿਭਾਗ ਵਿਚ ਮਨੁੱਖੀ ਵਸੀਲਿਆਂ ਦੀ ਸਹੀ ਵਰਤੋਂ ਕਰਕੇ ਸੂਬੇ ਵਿਚ ਟੈਕਸਾਂ ਦੀ ਚੋਰੀ ਰੋਕਣ ਲਈ ਮੰਤਰੀ ਮੰਡਲ ਨੇ ਵਿਭਾਗ ਵਿਚ 476 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।