ਪਟਿਆਲਾ: ਸਪੈਸ਼ਲ ਸੈੱਲ ਪਟਿਆਲਾ ਦੀ ਪੁਲਸ ਨੇ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਗੌੜੇ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮਨੀ ਭਿੰਡਰ ਦੀ ਸ਼ਹਿ ’ਤੇ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਐੱਸ. ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ ਅਤੇ ਡੀ. ਐੱਸ. ਪੀ. ਸਿਟੀ-1 ਸਤਨਾਮ ਸਿੰਘ ਦੀ ਅਗਵਾਈ ਹੇਠ ਇਸ ਮਾਮਲੇ ’ਚ ਹਰਪ੍ਰੀਤ ਸਿੰਘ ਉਰਫ ਮੱਖਣ ਪੁੱਤਰ ਰੂੜ ਸਿੰਘ ਵਾਸੀ ਪਿੰਡ ਸੈਫਦੀਪੁਰ ਜ਼ਿਲ੍ਹਾ ਪਟਿਆਲਾ, ਰਾਮ ਸਿੰਘ ਉਰਫ ਰਮਨ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਫਤਹਿਗਡ਼੍ਹ ਛੰਨਾ ਪਟਿਆਲਾ, ਲਵਪ੍ਰੀਤ ਸਿੰਘ ਉਰਫ ਬਿੱਲਾ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਬੁਜਰਕ ਜ਼ਿਲ੍ਹਾ ਪਟਿਆਲਾ, ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਹਰਜਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਨੇੜੇ ਬੇਕਮੈਨ ਫੈਕਟਰੀ ਪਟਿਆਲਾ ਹਾਲ ਵਾਸੀ ਪਿੰਡ ਭਰਾਜ ਥਾਣਾ ਭਵਾਨੀਗੜ੍ਹ ਅਤੇ ਰਮਨਪ੍ਰੀਤ ਸਿੰਘ ਉਰਫ ਰਮਨ ਪੁੱਤਰ ਗੁਰਮੇਲ ਸਿੰਘ ਵਾਸੀ ਸੁਖਰਾਮ ਕਾਲੋਨੀ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ 2 ਪਿਸਤੌਲ 30 ਬੋਰ, 9 ਜ਼ਿੰਦਾ ਕਾਰਤੂਸ ਅਤੇ 3 ਪਿਸਤੌਲ 32 ਬੋਰ, 14 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਮੱਖਣ ਖਿਲਾਫ ਪਹਿਲਾਂ ਵੀ ਕਤਲ, ਇਰਾਦਾ ਕਤਲ, ਗੈਂਗਵਾਰ, ਅਸਲਾ ਐਕਟ ਦੇ ਲੱਗਭਗ 6 ਕੇਸ ਪੰਜਾਬ ਦੇ ਵੱਖ-ਵੱਖ ਥਾਣਿਆਂ ’ਚ ਵੀ ਦਰਜ ਹਨ। ਉਨ੍ਹਾਂ ਦੱਸਿਆ ਕਿ ਰਮਨ ਸਿੰਘ ਉਰਫ ਰਮਨ ਖਿਲਾਫ ਵੱਖ-ਵੱਖ ਧਾਰਾਵਾਂ ਦੇ 5 ਕੇਸ ਦਰਜ ਹਨ। ਲਵਪ੍ਰੀਤ ਸਿੰਘ ਉਰਫ ਬਿੱਲਾ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ 5 ਕੇਸ ਦਰਜ ਹਨ। ਇਸ ਮੌਕੇ ਡੀ. ਐੱਸ. ਪੀ. ਸਿਟੀ-1 ਸਤਨਾਮ ਸਿੰਘ ਅਤੇ ਸਪੈਸ਼ਲ ਸੈੱਲ ਦੇ ਇੰਚਾਰਜ ਇੰਸ. ਹਰਜਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।