ਚੰਡੀਗੜ੍ਹ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ, ਜਿਸ ਵਿਚ ਸਾਰੇ ਕੈਬਨਿਟ ਮੰਤਰੀ ਮੌਜੂਦ ਰਹਿਣਗੇ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਅੱਜ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦੇ ਜਾਣ ਨੂੰ ਹਰੀ ਝੰਡੀ ਮਿਲ ਸਕਦੀ ਹੈ। ਪੰਜਾਬ ਸਰਕਾਰ ਮੱਧ ਮਾਰਚ ਤੋਂ ਬਾਅਦ ਬਜਟ ਸੈਸ਼ਨ ਬੁਲਾ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।ਸੂਤਰਾਂ ਅਨੁਸਾਰ ਕੈਬਨਿਟ ਮੀਟਿੰਗ ਵਿਚ ਸਨਅਤਕਾਰਾਂ ਲਈ ਕੋਈ ਵੱਡਾ ਐਲਾਨ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੂੰ ਜਨਵਰੀ 2020 ਤੋਂ ਪਹਿਲਾਂ ਸਨਅਤੀ ਪਲਾਟ ਅਲਾਟ ਹੋਏ ਹਨ, ਉਨ੍ਹਾਂ ਲਈ ਯਕਮੁਸ਼ਤ ਸਕੀਮ ਲਿਆਉਣ ਦੀ ਯੋਜਨਾ ਹੈ ਤਾਂ ਜੋ ਉਨ੍ਹਾਂ ਵੱਲੋਂ ਖੜ੍ਹੇ ਬਕਾਏ ਦੀ ਵਸੂਲੀ ਹੋ ਸਕੇ। ਇਸ ਤੋਂ ਇਲਾਵਾ ਪੰਜਾਬ ਪੁਲਸ ਵਿਚ ਵੱਡੇ ਪੱਧਰ ’ਤੇ ਭਰਤੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਦੱਸ ਦਈਏ ਕਿ 27 ਫ਼ਰਵਰੀ ਨੂੰ ਵੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ, ਜਿਸ ਵਿਚ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਹਰੀ ਝੰਡੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਨਿਯਮਾਂ ਨੂੰ ਲੈ ਕੇ ਵੀ ਕੁਝ ਬਦਲਾਅ ਕੀਤੇ ਗਏ ਸਨ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤੇ ਵਾਤਾਵਰਣ ਪ੍ਰਦੂਸ਼ਣ ਨੂੰ ਲੈ ਕੇ ਵੀ ਕਈ ਫ਼ੈਸਲੇ ਲਏ ਗਏ ਸਨ। ਅੱਜ ਦੀ ਮੀਟਿੰਗ ਵਿਚ ਵੀ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।