ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੈਡੀਕਲ ਆਧਾਰ ‘ਤੇ ਆਪਣੀ ਅੰਤਰਿਮ ਜ਼ਮਾਨਤ ਨੂੰ ਇੱਕ ਹਫ਼ਤੇ ਲਈ ਵਧਾਉਣ ਲਈ ਅਪੀਲ ਦਾਇਰ ਕੀਤੀ ਹੈ। ਅਪੀਲ ’ਚ ਕਿਹਾ ਗਿਆ ਹੈ ਕਿ ਕੇਜਰੀਵਾਲ ਦਾ ਭਾਰ 7 ਕਿਲੋਗ੍ਰਾਮ ਘਟ ਗਿਆ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਨੂੰ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ 10 ਮਈ ਨੂੰ ਸੁਪਰੀਮ ਕੋਰਟ ਦੁਆਰਾ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ ਅਤੇ 2 ਜੂਨ ਨੂੰ ਆਤਮ ਸਮਰਪਣ ਕਰਨ ਦਾ ਆਦੇਸ਼ ਦਿੱਤਾ ਗਿਆ ਸੀ।
ਇਸ ਦੇ ਨਾਲ ਹੀ ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਦਫ਼ਤਰ ਅਤੇ ਦਿੱਲੀ ਸਕੱਤਰੇਤ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਸੀ। ਜੱਜਾਂ ਦੇ ਬੈਂਚ ਨੇ ਕਿਹਾ ਸੀ ਕਿ ਉਹ ਕਿਸੇ ਵੀ ਅਧਿਕਾਰਤ ਫਾਈਲਾਂ ‘ਤੇ ਦਸਤਖਤ ਨਹੀਂ ਕਰ ਸਕਣਗੇ। ਹਾਲਾਂਕਿ, 1 ਜੂਨ ਨੂੰ ਆਪਣੀ ਅੰਤਰਿਮ ਜ਼ਮਾਨਤ ਦੀ ਮਿਆਦ ਖਤਮ ਹੋਣ ਤੋਂ ਛੇ ਦਿਨ ਪਹਿਲਾਂ, ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ ਨੂੰ 7 ਦਿਨਾਂ ਤੱਕ ਵਧਾਉਣ ਦੀ ਅਪੀਲ ਕੀਤੀ ਹੈ। ਅਪੀਲ ਵਿੱਚ ਕੇਜਰੀਵਾਲ ਦੀ ਸਿਹਤ ਦਾ ਹਵਾਲਾ ਦੇ ਕੇ ਕਿਹਾ ਗਿਆ ਹੈ ਕਿ ਕੇਜਰੀਵਾਲ ਦਾ ਸੱਤ ਕਿਲੋ ਭਾਰ ਘੱਟ ਗਿਆ ਹੈ। ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਲਈ ਡਾਕਟਰਾਂ ਦੀ ਟੀਮ ਨੇ ਕੇਜਰੀਵਾਲ ਨੂੰ ਕੁੱਝ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਇਸ ਲਈ ਪੀਈਟੀ-ਸੀਟੀ ਸਕੈਨ ਸਮੇਤ ਕੁਝ ਡਾਇਗਨੌਸਟਿਕ ਟੈਸਟ ਕਰਵਾਉਣ ਲਈ ਸੱਤ ਦਿਨਾਂ ਦਾ ਵਾਧੂ ਸਮਾਂ ਮੰਗਿਆ ਗਿਆ ਹੈ।