ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਉਸ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਰਿਹਾਅ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਿਰਸਾ ਸਥਿਤ ਡੇਰੇ ਦਾ ਮੁਖੀ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਜੋ ਕਿ ਆਪਣੇ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।
ਜਾਣਕਾਰੀ ਦਿੰਦਿਆਂ ਡੇਰਾ ਮੁਖੀ ਦੇ ਵਕੀਲ ਜਤਿੰਦਰ ਖੁਰਾਣਾ ਨੇ ਦੱਸਿਆ ਕਿ ਹਾਈ ਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ। ਦਰਅਸਲ 2021 ਵਿੱਚ, ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਇੱਕ ਵਿਸ਼ੇਸ਼ ਅਦਾਲਤ ਨੇ 19 ਸਾਲ ਪੁਰਾਣੇ ਰਣਜੀਤ ਸਿੰਘ ਕਤਲ ਕੇਸ ਵਿੱਚ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
10 ਜੁਲਾਈ 2002 ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਰਾਮ ਰਹੀਮ ਡੇਰਾ ਹੈੱਡਕੁਆਰਟਰ ‘ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਰ ਰਿਹਾ ਸੀ, ਇਸ ਬਾਰੇ ਦੱਸਿਆ ਗਿਆ ਹੈ ਕਿ ਕਿਵੇਂ ਇਕ ਗੁਮਨਾਮ ਚਿੱਠੀ ਨੂੰ ਪ੍ਰਸਾਰਿਤ ਕਰਨ ਵਿਚ ਉਸ ਦੀ ਸ਼ੱਕੀ ਸ਼ਮੂਲੀਅਤ ਕਾਰਨ ਉਸ (ਰਣਜੀਤ ਸਿੰਘ) ਦਾ ਕਤਲ ਕਰ ਦਿੱਤਾ ਗਿਆ ਸੀ। ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ।