ਪੰਜਾਬ ’ਚ 1 ਜੂਨ ਨੂੰ ਸੱਤਵੇਂ ਅਤੇ ਆਖਰੀ ਪੜਾਅ ਤਹਿਤ ਵੋਟਿੰਗ ਹੋਣੀ ਹੈ। ਇਸ ਵਿਚਾਲੇ ਰਾਜਨੀਤਿਕ ਪਾਰਟੀਆਂ ਜ਼ੋਰਾਂ-ਸ਼ੋਰਾਂ ’ਤੇ ਪ੍ਰਚਾਰ ’ਚ ਲੱਗੀਆਂ ਹੋਈਆਂ ਹਨ। ਇਸ ਵਿਚਾਲੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਅਰਜੁੱਨ ਖੜਗੇ ਅੰਮ੍ਰਿਤਸਰ ਪਹੁੰਚੇ। ਜਿੱਥੇ ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ। ਇੱਥੇ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਖੜਗੇ ਨੇ ਕੇਂਦਰੀ ਦੀ ਭਾਜਪਾ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰ (ਮੋਦੀ) ਸਰਕਾਰ ਨੇ ਸਭ ਦਾ ਸਾਥ ਤਾਂ ਦਿੱਤਾ ਹੈ ਪਰ ਦੇਸ਼ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਕੀਤਾ ਹੈ। ਜਦੋਂ ਤੋਂ ਭਾਜਪਾ ਸੱਤਾ ਵਿੱਚ ਆਈ ਹੈ, ਦੇਸ਼ ਵਿੱਚ ਮਹਿੰਗਾਈ ਦਰ ਵੱਧਦੀ ਹੀ ਜਾ ਰਹੀ ਹੈ। ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਕੀਮਤਾਂ ਕਈ ਗੁਣਾ ਵੱਧ ਗਈਆਂ ਹਨ। ਇਸ ਦੇ ਨਾਲ ਹੀ ਖੜਗੇ ਨੇ ਦਾਅਵਾ ਕੀਤਾ ਕਿ ਭਾਜਪਾ 200 ਤੋਂ ਵੱਧ ਸੀਟਾਂ ਵੀ ਹਾਸਲ ਨਹੀਂ ਕਰ ਸਕੇਗੀ।
ਇਸ ਤੋਂ ਇਲਾਵਾ ਕਾਂਗਰਸ ਕੌਮੀ ਪ੍ਰਧਾਨ ਨੇ ਚੋਣ ਮਨੋਰਥ ਪੱਤਰ ਵਿੱਚ ਦਿੱਤੀਆਂ ਗਈਆਂ ਸਹੂਲਤਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵਿੱਚ ‘ਇੰਡੀਆ’ ਗਠਜੋੜ ਦੀ ਸਰਕਾਰ ਬਣਦੀ ਹੈ ਤਾਂ ਕਿਸਾਨਾਂ ਦੇ ਕਰਜ਼ੇ ਮੁਆਫੀ ਦੇ ਨਾਲ-ਨਾਲ ਐਮਐਸਪੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਖੇਤੀ ਵਸਤਾਂ ਤੋਂ ਜੀਐਸਟੀ ਨੂੰ ਖਤਮ ਕੀਤਾ ਜਾਵੇਗਾ।