ਨਵਾਂਸ਼ਹਿਰ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਤਹਿਤ ਨਸ਼ਿਆਂ ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਜ਼ਿਲ੍ਹਾ ਪੁਲਸ ਨੇ ਸਥਾਨਕ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਵਾਂਸ਼ਹਿਰ ਦੇ ਕਾਲਰਾਂ ਮੁਹੱਲੇ ਵਿਚ ਹੋਈਆਂ ਅਣ-ਅਧਿਕਾਰਤ ਉਸਾਰੀਆਂ ਨੂੰ ਅੱਜ ਢਹਾਇਆ ਗਿਆ।
ਇਹ ਗੈਰ-ਕਾਨੂੰਨੀ ਉਸਾਰੀਆਂ ਤਿੰਨ ਪਰਿਵਾਰਾਂ, ਜਿਨ੍ਹਾਂ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸੰਬੰਧ ਹੈ, ਵੱਲੋਂ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਸਿਵਲ ਪ੍ਰਸ਼ਾਸਨ ਦੇ ਆਰਡਰਾਂ ’ਤੇ ਢਾਹਿਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ, ਜਿਸ ਨੂੰ ਇਨ੍ਹਾਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣ ਲਈ ਪੁਲਸ ਸਹਾਇਤਾ ਦੀ ਲੋੜ ਸੀ, ਦੀ ਬੇਨਤੀ ’ਤੇ ਕਰਵਾਈ ਕਰਦਿਆਂ ਢਾਹਿਆ ਗਿਆ ਹੈ।
ਇਹ ਕਾਰਵਾਈ ਬੀਰੋ, ਸ਼ਿੰਦੇ ਅਤੇ ਸੰਤੋਸ਼ ਨਾਂ ਦੀਆਂ ਔਰਤਾਂ ਵਿਰੁੱਧ ਕੀਤੀ ਗਈ ਹੈ, ਜਿਨ੍ਹਾਂ ਖ਼ਿਲਾਫ਼ ਕਈ ਪਰਚੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਇਕ ਪਰਿਵਾਰ ਉੱਤੇ ਤਾਂ 14 ਪਰਚੇ ਦਰਜ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਜਾਵੇ।