ਪੰਜਾਬ ’ਚ ਸੱਤਵੇਂ ਅਤੇ ਆਖਰੀ ਪੜਾਅ ਤਹਿਤ ਇੱਕ ਜੂਨ ਨੂੰ ਵੋਟਿੰਗ ਹੈ। ਇਸ ਵਿਚਾਲੇ ਆਮ ਆਦਮੀ ਪਾਰਟੀ ਪੂਰੀ ਮਿਹਨਤ ਨਾਲ ਚੋਣ ਪ੍ਰਚਾਰ ’ਤੇ ਲੱਗੀ ਹੋਈ ਹੈ। ਇਸ ਤਰ੍ਹਾਂ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਤੋਂ ਪਾਰਟੀ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਚੋਣ ਪ੍ਰਚਾਰ ਲਈ ਪਹੁੰਚੇ। ਇਸ ਦੌਰਾਨ ਕੇਜਰੀਵਾਲ ਨੇ ਪਾਰਟੀ ਉਮੀਦਵਾਰ ਨਾਲ ਪਠਾਨਕੋਟ ‘ਚ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਸ਼ੈਰੀ ਕਲਸੀ ਨੂੰ ਜਿਤਾਉਣ ਦੀ ਅਪੀਲ ਕੀਤੀ।
ਇੱਥੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਧਿਰ ’ਤੇ ਤਿੱਖਾ ਸ਼ਬਦੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਤੁਸੀ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ ਪਰ ਕਿਸੇ ਨੇ ਵੀ ਪੰਜਾਬ ਲਈ ਕੁੱਝ ਨਹੀਂ ਕੀਤਾ ਅਤੇ ਨਾ ਹੀ ਪੰਜਾਬ ਦੇ ਹੱਕਾਂ ਲਈ ਸੰਸਦ ’ਚ ਆਵਾਜ਼ ਚੁੱਕੀ। ਪਾਰਟੀ ਉਮੀਦਵਾਰ ਸ਼ੈਰੀ ਕਲਸੀ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਸਮਝਦਾ ਹੈ ਅਤੇ ਤੁਹਾਡੇ ਹੱਕਾਂ ਲਈ ਸੰਸਦ ਵਿੱਚ ਕੇਂਦਰ ਸਰਕਾਰ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰੇਗਾ।
ਕੇਜਰੀਵਾਲ ਨੇ ਕਿਹਾ ਕਿ ਜਦੋਂ ਸੰਸਦ ਵਿੱਚ ਆਮ ਆਦਮੀ ਪਾਰਟੀ ਦੇ 13 ਸੰਸਦ ਮੈਂਬਰ ਹੋਣਗੇ ਤਾਂ ਕੇਂਦਰ ਸਰਕਾਰ ਪੰਜਾਬ ਦਾ 1 ਰੁਪਏ ਦਾ ਫੰਡ ਵੀ ਨਹੀਂ ਰੋਕ ਸਕੇਗੀ। ਕੇਜਰੀਵਾਲ ਨੇ ਭਾਜਪਾ ਦੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਕਦੇ ਵੀ ਆਪਣੇ ਕੀਤੇ ਕੰਮਾਂ ਦੀ ਗੱਲ ਨਹੀਂ ਕਰਦੇ ਸਗੋਂ ਉਹ ਹਮੇਸ਼ਾ ਜਾਤ, ਧਰਮ ਅਤੇ ਨਫਰਤ ਦੀ ਰਾਜਨੀਤੀ ਦੀ ਗੱਲ ਕਰਦੇ ਹਨ। ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ, ਗਰੀਬੀ, ਸਿੱਖਿਆ ਅਤੇ ਦਵਾਈ ਵਰਗੇ ਅਹਿਮ ਮੁੱਦਿਆਂ ਦੀ ਬਜਾਏ ਉਹ ਹਿੰਦੂ, ਮੁਸਲਮਾਨ, ਮੱਝ, ਬੱਕਰੀ ਅਤੇ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ। 10 ਸਾਲ ਰਾਜ ਕਰਨ ਦੇ ਬਾਵਜੂਦ ਉਨ੍ਹਾਂ ਕੋਲ ਗਿਣਨ ਲਈ ਇੱਕ ਵੀ ਕੰਮ ਨਹੀਂ ਹੈ।