ਵਾਸ਼ਿੰਗਟਨ/ਟੋਰਾਂਟੋ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿਚ ਵਿਦੇਸ਼ੀਆਂ ‘ਤੇ ਇਕ ਨਵਾਂ ਨਿਯਮ ਲਾਗੂ ਕੀਤਾ ਹੈ।ਪਹਿਲਾਂ ਤੋਂ ਹੀ ਹਜ਼ਾਰਾਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦਾ ਸਿਲਸਿਲਾ ਜਾਰੀ ਹੈ। ਨਵੇਂ ਨਿਯਮ ਵਿਚ ਕੈਨੇਡੀਅਨ ਵਿਜ਼ਟਰਜ਼ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਅਮਰੀਕਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਨਵੀਆਂ ਹਦਾਇਤਾਂ ਮੁਤਾਬਕ 30 ਦਿਨ ਤੋਂ ਵੱਧ ਸਮਾਂ ਅਮਰੀਕਾ ਰਹਿਣ ਦੇ ਇੱਛੁਕ ਕੈਨੇਡੀਅਨਜ਼ ਨੂੰ ਆਪਣੀਆਂ ਉਂਗਲਾਂ ਦੇ ਨਿਸ਼ਾਨ ਦਿੰਦਿਆਂ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਨਵੇਂ ਨਿਯਮ 11 ਅਪ੍ਰੈਲ ਤੋਂ ਲਾਗੂ ਹੋਣਗੇ ਅਤੇ 9 ਲੱਖ ਤੋਂ ਵੱਧ ਕੈਨੇਡੀਅਨਜ਼ ਪ੍ਰਭਾਵਿਤ ਹੋ ਸਕਦੇ ਹਨ ਜਿਨ੍ਹਾਂ ਵਿਚੋਂ ਜ਼ਿਆਦਾਤਰ ਸਰਦੀਆਂ ਦਾ ਸਮਾਂ ਲੰਘਾਉਣ ਅਮਰੀਕਾ ਦੇ ਫਲੋਰੀਡਾ, ਟੈਕਸਸ ਅਤੇ ਸਾਊਥ ਕੈਰੋਲਾਈਨਾ ਰਾਜਾਂ ਵੱਲ ਜਾਂਦੇ ਹਨ।
ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਉਰਿਟੀ ਦਾ ਮੰਨਣਾ ਹੈ ਕਿ ਵਿਜ਼ਟਰਜ਼ ਲਈ ਨਵੇਂ ਰਜਿਸਟ੍ਰੇਸ਼ਨ ਰੂਲਜ਼ ਨਾਲ 22 ਲੱਖ ਤੋਂ 32 ਲੱਖ ਵਿਦੇਸ਼ੀ ਨਾਗਰਿਕ ਪ੍ਰਭਾਵਤ ਹੋਣਗੇ। ਇੱਥੇ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਪਹਿਲਾਂ ਗੈਰਕਾਨੂੰਨੀ ਪ੍ਰਵਾਸੀਆਂ ਲਈ ਵੀ ਉਂਗਲਾਂ ਦੇ ਨਿਸ਼ਾਨ ਦਰਜ ਕਰਵਾਉਣਾ ਲਾਜ਼ਮੀ ਕੀਤਾ ਜਾ ਚੁੱਕਾ ਹੈ ਅਤੇ ਅਜਿਹਾ ਨਾ ਕਰਨ ਵਾਲਿਆਂ ਨੂੰ ਜੇਲ੍ਹ ਭੇਜਣ ਦੀ ਧਮਕੀ ਦਿੱਤੀ ਗਈ ਹੈ। ਦਰਅਸਲ ਰਾਸ਼ਟਰਪਤੀ ਡੋਨਾਲਡ ਟਰੰਪ ਲੱਖਾਂ ਦੀ ਗਿਣਤੀ ਵਿਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਚਾਹੁੰਦੇ ਹਨ ਪਰ ਆਈ.ਸੀ.ਈ. ਦੇ ਛਾਪਿਆਂ ਨਾਲ ਐਨਾ ਵੱਡਾ ਅੰਕੜਾ ਹਾਸਲ ਕਰਨਾ ਬੇਹੱਦ ਮੁਸ਼ਕਲ ਮਹਿਸੂਸ ਹੋ ਰਿਹਾ ਹੈ।