ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿਚ 1000 ਅਤਿ-ਆਧੁਨਿਕ ਆਂਗਣਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿਚ ਬਣਾਏ ਜਾ ਰਹੇ 1000 ਆਂਗਣਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਤੀ ਆਂਗਣਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਆਵੇਗੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਣਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਵਿਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ 111 ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।