ਚੰਡੀਗੜ੍ਹ: ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਨੇੜਲੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਉਣ ਅਤੇ ਅਜਨਾਲਾ ਪੁਲਸ ਥਾਣੇ ਹਮਲੇ ਦੇ ਮਾਮਲੇ ’ਚ ਉਨ੍ਹਾਂ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਲਈ ਗਈ ਹੈ।
ਇਸ ਸਬੰਧੀ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਜਿਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ, ਉਨ੍ਹਾਂ ’ਚ ਮੋਗਾ ਦੇ ਦੌਲਤਪੁਰਾ ਉੱਚਾ ਦੇ ਬਸੰਤ ਸਿੰਘ, ਮੋਗਾ ਦੇ ਪਿੰਡ ਬਾਜੇਕੇ ਦੇ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਮੋਗਾ ਦੇ ਪਿੰਡ ਬੁੱਕਣਵਾਲਾ ਦੇ ਗੁਰਮੀਤ ਸਿੰਘ ਗਿੱਲ ਉਰਫ਼ ਗੁਰਮੀਤ ਬੁੱਕਣਵਾਲਾ, ਨਵੀਂ ਦਿੱਲੀ ਦੇ ਪੱਛਮੀ ਪੰਜਾਬੀ ਬਾਗ਼ ਦੇ ਸਰਬਜੀਤ ਸਿੰਘ ਕਲਸੀ ਉਰਫ਼ ਦਲਜੀਤ ਸਿੰਘ ਕਲਸੀ, ਫਗਵਾੜਾ ਦੇ ਗੁਰਿੰਦਰਪਾਲ ਸਿੰਘ ਔਜਲਾ ਉਰਫ਼ ਗੁਰੀ ਔਜਲਾ, ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਦੇ ਹਰਜੀਤ ਸਿੰਘ ਉਰਫ਼ ਚਾਚਾ ਅਤੇ ਮੋਗਾ ਦੇ ਰਾਉਂਕੇ ਕਲਾਂ ਦੇ ਕੁਲਵੰਤ ਸਿੰਘ ਧਾਲੀਵਾਲ ਉਰਫ਼ ਕੁਲਵੰਤ ਸਿੰਘ ਸ਼ਾਮਲ ਹਨ।ਇਹ ਸਾਰੇ ਪਿਛਲੇ 2 ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਅਧੀਨ ਹਿਰਾਸਤ ’ਚ ਹਨ।
ਉਨ੍ਹਾਂ ਦੱਸਿਆ ਕਿ ਐੱਸ. ਪੀ. ਹਰਿੰਦਰ ਸਿੰਘ ਗਿੱਲ ਦੀ ਅਗਵਾਈ ਵਾਲੀ ਉੱਚ ਪੱਧਰੀ ਪੁਲਸ ਟੀਮ ਡਿਬਰੂਗੜ੍ਹ ਜੇਲ੍ਹ ’ਚ ਤਾਇਨਾਤ ਹੈ ਤਾਂ ਜੋ ਸੱਤੇ ਮੁਲਜ਼ਮਾਂ ਦੀ ਐੱਨ. ਐੱਸ. ਏ. ਤਹਿਤ ਹਿਰਾਸਤ ਦੀ ਮਿਆਦ ਪੂਰੀ ਹੋਣ ‘ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ। ਪੰਜਾਬ ਪੁਲਸ ਵੱਲੋਂ ਉਨ੍ਹਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਲਈ ਉਨ੍ਹਾਂ ਨੂੰ ਡਿਬਰੂਗੜ੍ਹ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਪੁਲਸ ਥਾਣੇ ’ਤੇ ਹਮਲੇ ਦੇ ਕੇਸ ’ਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਜਲਦ ਤੋਂ ਜਲਦ ਪੰਜਾਬ ਵਾਪਸ ਲਿਆਉਣਾ ਯਕੀਨੀ ਬਣਾਇਆ ਜਾ ਸਕੇ।