ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਵੋਟਾਂ ਇੱਕ ਜੂਨ ਨੂੰ ਪੈਣੀਆਂ ਹਨ। ਇੱਕ ਪਾਸੇ ਸਾਰੇ ਉਮੀਦਵਾਰਾਂ ਵੱਲੋਂ ਜ਼ੋਰਾਂ-ਸ਼ੋਰਾਂ ’ਤੇ ਚੋਣ ਪ੍ਰਚਾਰਕ ਕੀਤਾ ਜਾ ਰਿਹਾ ਹੈ। ਪਰ ਦੂਜੇ ਪਾਸੇ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਵਿੱਚ ਬੀਡੀਪੀਓ ਸਮੇਤ ਛੇ ਮੁਲਾਜ਼ਮਾਂ ਨੂੰ ਮੁੱਅਤਲ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਇਹ ਕਾਰਵਾਈ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਅਤੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਕੀਤੀ ਹੈ।
ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਦੇ ਵਿਧਾਇਕ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਸਰਕਾਰੀ ਪਾਰਕ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮਾਮਲੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਦਾਸਪੁਰ ਨੂੰ ਨੋਟਿਸ ਜਾਰੀ ਕੀਤਾ ਗਿਆ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ।