ਚੰਡੀਗੜ੍ਹ : ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ (ਐੱਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐੱਸ.ਈ.ਜੀ.ਐੱਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਐੱਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰ ਸਕਣ। ਇਹ ਸਿਸਟਮ ਲਾਗੂ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਇਨ੍ਹਾਂ ਸਥਾਨਕ ਨੁਮਾਇੰਦਿਆਂ ਕੋਲ ਵਾਰ-ਵਾਰ ਗੇੜੇ ਲਗਾਉਣ ਤੋਂ ਛੁਟਕਾਰਾ ਮਿਲੇਗਾ।