ਚੰਡੀਗੜ੍ਹ/ਸ੍ਰੀ ਫ਼ਤਹਿਗੜ੍ਹ ਸਾਹਿਬ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਤਕਰੀਬਨ 131 ਦਿਨ ਬਾਅਦ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਉਹ 26 ਨਵੰਬਰ 2024 ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਸਨ। ਬੀਤੇ ਦਿਨੀਂ ਵੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਸੀ।
ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਿਸਾਨ ਮਹਾਂਪੰਚਾਇਤ ਹੋਈ ਸੀ, ਜਿਸ ਵਿਚ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਕਿਸਾਨ ਪਹੁੰਚੇ ਸਨ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਵੀ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਮਰਨ ਵਰਤ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੰਗਤ ਦੀ ਅਪੀਲ ‘ਤੇ ਮਰਨ ਵਰਤ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ, ਪਰ ਐੱਮ.ਐੱਸ.ਪੀ. ਤੇ ਹੋਰ ਕਿਸਾਨੀ ਮੰਗਾਂ ਦੇ ਲਈ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਦੱਸ ਦਈਏ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ।