ਜਲੰਧਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੁਲਸ ਵੱਲੋਂ ਸੂਬੇ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਵੇਖਦੇ ਹੋਏ ਪਾਕਿਸਤਾਨ ਅਤੇ ਉਸ ਦੀਆਂ ਏਜੰਸੀਆਂ ਵਿਚ ਬੌਖ਼ਲਾਹਟ ਭਰੀ ਹੋਈ ਹੈ ਕਿਉਂਕਿ ਉਨ੍ਹਾਂ ਨੂੰ ਆਰਥਿਕ ਰੂਪ ਨਾਲ ਸੱਟ ਵੱਜੀ ਹੈ। ਦੇਰ ਰਾਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਸਖ਼ਤੀ ਵਧਾਈ ਹੋਈ ਹੈ ਅਤੇ ਸਰਹੱਦ ਪਾਰ ਤੋਂ ਨਸ਼ੇ ਵਾਲੇ ਪਦਾਰਥ ਆਉਣੇ ਘੱਟ ਗਏ ਹਨ। ਸੂਬਾ ਪੁਲਸ ਨੇ ਨਸ਼ਾ ਸਮੱਗਲਰਾਂ ਦੇ ਨਾਲ-ਨਾਲ ਪਾਕਿਸਤਾਨ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ ਹੈ।
ਉਨ੍ਹਾਂ ਕਿਹਾ ਕਿ ਹੁਣ ਸਰਹੱਦ ਪਾਰ ਤੋਂ ਆਉਣ ਵਾਲੇ ਡ੍ਰੋਨਾਂ ਦੀ ਗਿਣਤੀ ਘਟੀ ਹੈ ਅਤੇ ਨਾਲ ਹੀ ਪੁਲਸ ਹੁਣ ਹਵਾਲਾ ਜ਼ਰੀਏ ਪੈਸਿਆਂ ਦੇ ਲੈਣ-ਦੇਣ ’ਤੇ ਰੋਕ ਲਾਉਣ ਲਈ ਵੀ ਕਦਮ ਚੁੱਕ ਰਹੀ ਹੈ। ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਸ ਦੀ ਮੁਹਿੰਮ ਨੂੰ ਵੇਖਦੇ ਹੋਏ ਪਾਕਿਸਤਾਨ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਵਿਚ ਲੱਗਾ ਹੋਇਆ ਹੈ ਪਰ ਅਸੀਂ ਉਸ ਨੂੰ ਸਫ਼ਲ ਨਹੀਂ ਹੋਣ ਦਿਆਂਗੇ। ਦੂਜੇ ਪਾਸੇ ਨਸ਼ਾ ਸਮੱਗਲਰਾਂ ਨਾਲ ਪੁਲਸ ਕਰਮਚਾਰੀਆਂ ਦੀ ਸ਼ਮੂਲੀਅਤ ਪਾਈ ਗਈ ਤਾਂ ਉਨ੍ਹਾਂ ਨਾਲ ਵੀ ਮੁਜਰਿਮਾਂ ਵਰਗਾ ਸਲੂਕ ਹੋਵੇਗਾ।
ਉਨ੍ਹਾਂ ਕਿਹਾ ਕਿ ਜਲੰਧਰ ਵਿਚ ਪਿਛਲੇ ਦਿਨੀਂ ਹੋਏ ਗ੍ਰੇਨੇਡ ਹਮਲੇ ਦੇ ਬਾਵਜੂਦ ਪੰਜਾਬ ਪੁਲਸ ਨੇ ਇਸ ਦੇ ਪਿੱਛੇ ਲੁਕੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਹੈ ਅਤੇ ਨਾਲ ਹੀ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਪੰਜਾਬ ਪੁਲਸ ਅਤੇ ਜਨਤਾ ਮਿਲ ਕੇ ਅਜਿਹੇ ਗ੍ਰੇਨੇਡ ਹਮਲਿਆਂ ਨੂੰ ਨਾਕਾਮ ਕਰਨਗੇ।