ਚੰਡੀਗੜ੍ਹ/ਅੰਮ੍ਰਿਤਸਰ : ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐਫ) ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 ਬੋਰ ਦੇ ਦੇਸੀ ਪਿਸਤੌਲਾਂ ਸਮੇਤ 37 ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਕੋਟਲੀ ਸੁਰ ਸਿੰਘ, ਤਰਨਤਾਰਨ ਵਜੋਂ ਹੋਈ ਹੈ ਅਤੇ ਉਹ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਅਧਾਰਤ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।