Sunday, April 20, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjab ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗਰੂਰ...

 ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗਰੂਰ ਵਿਖੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

 

 

ਚੰਡੀਗੜ੍ਹ/ਸੰਗਰੂਰ, 17 ਅਪ੍ਰੈਲ:

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ , ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ।

ਲਗਭਗ ਦੋ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਆਦੇਸ਼ ਦਿੱਤੇ ਕਿ ਪਿਛਲੇ ਸਮਿਆਂ ਦੌਰਾਨ ਨਸ਼ਿਆਂ ਦੇ ਧੰਦੇ ਨਾਲ ਜੁੜੇ ਰਹੇ ਵਿਅਕਤੀਆਂ ਦੇ ਮੌਜੂਦਾ ਕਾਰੋਬਾਰਾਂ ਦੀ ਪੜਤਾਲ ਕੀਤੀ ਜਾਵੇ ਅਤੇ ਜੇਕਰ ਹਾਲੇ ਵੀ ਅਜਿਹੇ ਲੋਕ ਕਿਸੇ ਨਾ ਕਿਸੇ ਰੂਪ ਵਿੱਚ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਹੋਏ ਪਾਏ ਜਾਂਦੇ ਹਨ ਤਾਂ ਉਹਨਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਕੈਬਨਿਟ ਮੰਤਰੀ ਨੇ ਡਰੱਗ ਕੰਟਰੋਲਰ ਨੂੰ ਆਦੇਸ਼ ਦਿੱਤੇ ਕਿ ਜੇਕਰ ਕੋਈ ਵੀ ਵਿਅਕਤੀ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਹਨਾਂ ਨੇ ਕਿਹਾ ਕਿ ਦਵਾਈ ਦੀਆਂ ਦੁਕਾਨਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣਾ ਲਾਜ਼ਮੀ ਕੀਤਾ ਹੋਇਆ ਹੈ ਪਰ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਦਵਾਈ ਵਿਕਰੇਤਾ ਜਾਂ ਤਾਂ ਸੀਸੀਟੀਵੀ ਲਗਵਾਉਂਦੇ ਨਹੀਂ ਹਨ ਅਤੇ ਜਾਂ ਫਿਰ ਗੁੰਮਰਾਹ ਕਰਨ ਲਈ ਗੈਰ ਢੁਕਵੀਆਂ ਥਾਵਾਂ ਉੱਤੇ  ਕੈਮਰੇ ਲਗਾ ਦਿੱਤੇ ਜਾਂਦੇ ਹਨ। ਉਹਨਾਂ ਨੇ ਪੁਲਿਸ ਤੇ ਪ੍ਰਸ਼ਾਸਨਿਕ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।

ਇਸੇ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਹਦਾਇਤ ਕੀਤੀ ਜਾਵੇ ਕਿ ਮਤੇ ਪਵਾ ਕੇ ਪਿੰਡਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ ਅਤੇ ਮੀਟਿੰਗ ਵਿੱਚ ਹਾਜ਼ਰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਨੂੰ ਵੀ ਨਿਰਦੇਸ਼ ਦਿੱਤੇ ਗਏ ਕਿ ਸ਼ਹਿਰੀ ਖੇਤਰਾਂ ਵਿੱਚ ਸਮੁੱਚੀ ਨਿਗਰਾਨੀ ਲਈ ਢੁਕਵੀਆਂ ਥਾਵਾਂ ਉੱਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਦੁਆਰਾ ਕੀਤੀ ਜਾਣ ਵਾਲੀ ਕਾਰਵਾਈ ਉੱਤੇ ਫੋਰੀ ਐਕਸ਼ਨ ਲਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ ਜਿਸ ਵੱਲੋਂ ਇਹ ਕਦੇ ਵੀ ਨਹੀਂ ਕਿਹਾ ਗਿਆ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਜਾਂ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਲਈ ਫੰਡਾਂ ਦੀ ਕਮੀ ਹੈ ਬਲਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰੇਕ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਨੇਪਰੇ ਚੜਾਇਆ ਜਾ ਰਿਹਾ ਹੈ।

ਉਹਨਾਂ ਨੇ  ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਸਮਾਜਿਕ ਨੁਮਾਇੰਦਿਆਂ ਤੋਂ ਫੀਡਬੈਕ ਵੀ ਹਾਸਿਲ ਕੀਤੀ ਅਤੇ ਸਪੱਸ਼ਟ ਰੂਪ ਵਿੱਚ ਕਿਹਾ ਕਿ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਵਿੱਚ ਸਰਕਾਰ ਦੀ ਤਰਫੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨੂੰ ਸਫਲਤਾ ਦਾ ਜਾਮਾ ਪਹਿਨਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਵਿਭਾਗਾਂ ਵਿੱਚ ਭਰਤੀ ਨਾ ਦੇ ਬਰਾਬਰ ਕੀਤੀ ਸੀ ਪਰ ਪੰਜਾਬ ਵਿੱਚ ਸਾਡੀ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਹੀ 56 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ ਅਤੇ ਇਸ ਮੁਹਿੰਮ ਤਹਿਤ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਪਿਛਲੇ ਮਹੀਨਿਆਂ ਤੋਂ ਜ਼ਿਲ੍ਹੇ ਵਿੱਚ ਪ੍ਰਸ਼ਾਸਨਿਕ ਪੱਧਰ ‘ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਕਾਰਵਾਈ ਤੇ ਵੱਖ-ਵੱਖ ਗਤੀਵਿਧੀਆਂ ਬਾਰੇ ਰਿਪੋਰਟ ਪੇਸ਼ ਕੀਤੀ।  ਜ਼ਿਲ੍ਹਾ ਪੁਲਿਸ ਦੀ ਕਾਰਵਾਈ ਬਾਰੇ ਐਸ.ਪੀ ਨਵਰੀਤ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ।

ਮੀਟਿੰਗ ਦੌਰਾਨ ਏਡੀਸੀ ਅਮਿਤ ਬੈਂਬੀ, ਏਡੀਸੀ ਸੁਖਚੈਨ ਸਿੰਘ ਪਾਪੜਾ, ਚੇਅਰਮੈਨ ਦਲਵੀਰ ਸਿੰਘ ਢਿੱਲੋ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਗੁਨਿੰਦਰਜੀਤ ਸਿੰਘ ਜਵੰਦਾ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ,  ਚੇਅਰਮੈਨ ਮੁਕੇਸ਼ ਜੁਨੇਜਾ, ਸਮੂਹ ਉਪ ਮੰਡਲ ਮੈਜਿਸਟਰੇਟ, ਪੁਲਿਸ, ਸਿਹਤ, ਸਿੱਖਿਆ ਸਮੇਤ ਹੋਰ ਕਈ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।